ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 20 ਦਸੰਬਰ
ਅੱਜ ਇਥੋਂ ਨਜ਼ਦੀਕੀ ਪਿੰਡ ਦੇਵੀਦਾਸਪੁਰਾ ਵਿਖੇ ਅੰਮ੍ਰਿਤਸਰ ਦਿੱਲੀ ਰੇਲ ਮਾਰਗ ਉੱਪਰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੱਕਾ ਮੋਰਚਾ ਅਣਮਿੱਥੇ ਸਮੇਂ ਲਈ ਸ਼ੁਰੂ ਕਰ ਦਿੱਤਾ ਗਿਆ ਹੈ।ਇਸ ਮੋਰਚੇ ਕਾਰਨ ਅੰਮ੍ਰਿਤਸਰ ਆਉਣ ਵਾਲੀ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ। ਮੋਰਚੇ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਕਿਹਾ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਸਮੇਤ ਪੰਜਾਬ ਸਰਕਾਰ ਨਾਲ ਸਬੰਧਤ ਹੋਰ ਮੰਗਾਂ ਨੂੰ ਲੈ ਕੇ ਅੱਜ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ, ਬੀਬੀਆਂ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੰਮਿਤਸਰ ਦਿੱਲੀ ਰੇਲ ਟਰੈਕ ਮੁਕੰਮਲ ਤੌਰ ’ਤੇ ਜਾਮ ਕਰਕੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ, ਜੋ ਅਗਲੇ ਐਲਾਨ ਤੱਕ ਜਾਰੀ ਰਹੇਗਾ। ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਹਰਪ੍ਰੀਤ ਸਿੰਘ ਸਿੱਧਵਾਂ, ਗੁਰਬਚਨ ਸਿੰਘ ਚੱਬਾ, ਸਤਨਾਮ ਸਿੰਘ ਮਾਨੋਚਾਹਲ ਨੇ ਕਿਹਾ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਪੰਜਾਬ ਦੇ ਉੱਪ ਮੁੱਖ ਮੰਤਰੀ ਵੱਲੋਂ 29 ਸਤੰਬਰ ਨੂੰ ਅੰਦੋਲਨ ਦੌਰਾਨ ਹੋਈ ਮੀਟਿੰਗ ਵਿੱਚ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਸਰਕਾਰ ਵੱਲੋਂ ਇਨ੍ਹਾਂ ਸਾਰੇ ਵਾਅਦਿਆਂ ਤੋਂ ਸਾਫ਼ ਮੁੱਕਰਨ ਕਰਕੇ ਅੱਜ ਤੋਂ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ, ਜਿਸਦੀ ਜ਼ਿੰਮੇਵਾਰ ਚੰਨੀ ਸਰਕਾਰ ਹੈ। ਆਗੂਆਂ ਨੇ ਕਿਹਾ ਜੇ ਸਰਕਾਰ ਨੇ ਗੱਲ ਨਾ ਸੁਣੀ ਤਾਂ ਜਥੇਬੰਦੀ ਵੱਲੋਂ 22 ਦਸੰਬਰ ਨੂੰ ਤਿੰਨ ਹੋਰ ਥਾਵਾਂ ’ਤੇ ਮੋਰਚੇ ਸ਼ੁਰੂ ਕਰ ਦਿੱਤੇ ਜਾਣਗੇ। ਡੱਬੀ: ਖੇਤੀਬਾੜੀ ਮੰਤਰੀ ’ਤੇ ਝੂਠ ਬੋਲਣ ਦੇ ਦੋਸ਼ ਲਾਏਕਿਸਾਨ ਆਗੂਆਂ ਨੇ ਕਿਹਾ ਖੇਤੀਬਾੜੀ ਮੰਤਰੀ ਝੂਠ ਬੋਲ ਰਹੇ ਹਨ ਕਿ ਕਿਸਾਨਾਂ ਨੂੰ ਡਾ. ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਲਾਗਤ ਖਰਚਿਆਂ ਤੋਂ ਡੇਢ ਗੁਣਾ ਮੁੱਲ ਦਿੱਤਾ ਜਾ ਰਿਹਾ ਹੈ, ਜਦਕਿ ਸੱਚਾਈ ਇਹ ਹੈ ਕਿ ਕੇਂਦਰ ਸਰਕਾਰ ਆਉਣ ਵਾਲੇ ਸਮੇਂ ਵਿੱਚ ਫ਼ਸਲਾਂ ਦੀ ਐੱਮਐੱਸਪੀ ਬੰਦ ਕਰਨ ਸਕਦੀ ਹੈ। ਇਸ ਮੌਕੇ ਰਣਜੀਤ ਸਿੰਘ ਕਲੇਰਬਾਲਾ, ਲਖਵਿੰਦਰ ਸਿੰਘ ਵਰਿਆਮ, ਮਹਿਲ ਸਿੰਘ ਮਾੜੀਮੇਘਾ, ਸਲਵਿੰਦਰ ਸਿੰਘ ਜੀਉਬਾਲਾ, ਗੁਰਜੀਤ ਸਿੰਘ ਗੰਡੀਵਿੰਡ, ਧੰਨਾ ਸਿੰਘ ਲਾਲੁਘੁੰਮਣ, ਸੁਖਵਿੰਦਰ ਸਿੰਘ ਦੁਗਲਵਾਲਾ, ਰੇਸ਼ਮਸਿੰਘ ਘੁਰਕਵਿੰਡ, ਕੁਲਵੰਤ ਸਿੰਘ ਭੇਲ, ਜਵਾਹਰ ਸਿੰਘ ਟਾਂਡਾ, ਦਿਆਲ ਸਿੰਘ ਮਿਆਵਿੰਡ, ਮੁਖਤਾਰ ਸਿੰਘ ਬਿਹਾਰੀਪੁਰ, ਹਰਦੀਪ ਸਿੰਘ ਜੌਹਲ, ਹਰਬਿੰਦਰ ਸਿੰਘ ਕੰਗ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
ਰੇਲ ਆਵਾਜ਼ਾਈ ਰੋਕੇ ਜਾਣ ਕਾਰਨ ਯਾਤਰੂ ਪ੍ਰੇਸ਼ਾਨ
ਅੰਮ੍ਰਿਤਸਰ(ਟ੍ਰਿਬਿਊਨ ਨਿਊਜ਼ ਸਰਵਿਸ): ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਰੇਲ ਪਟੜੀਆਂ ’ਤੇ ਦਿੱਤੇ ਗਏ ਧਰਨੇ ਦੇ ਕਾਰਨ ਅੱਜ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ’ਤੇ ਚੱਲਣ ਵਾਲੀਆਂ ਕਈ ਰੇਲ ਗੱਡੀਆਂ ਦੀ ਆਵਾਜ਼ਾਈ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਯਾਤਰੂਆਂ ਨੂੰ ਭਾਰੀ ਪ੍ਰੇਸ਼ਾਨੀ ਪੇਸ਼ ਆਈ ਹੈ।
ਤਰਨ ਤਾਰਨ ਵਿੱਚ ਕਿਸਾਨਾਂ ਨੇ ਰੇਲਵੇ ਸਟੇਸ਼ਨ ’ਤੇ ਲਾਏ ਡੇਰੇ
ਤਰਨ ਤਾਰਨ (ਗੁਰਬਖਸ਼ਪੁਰੀ): ਸੂਬੇ ਦੇ ਕਿਸਾਨ ਦਾ ਸਮੁੱਚਾ ਕਰਜ਼ਾ ਮੁਆਫ਼ ਕਰਵਾਉਣ ਸਮੇਤ ਕਿਸਾਨ-ਮਜ਼ਦੂਰ ਵਰਗ ਦੀਆਂ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਤੋਂ ਰੇਲਾਂ ਦੀਆਂ ਪਟੜੀਆਂ ਤੇ ਪੱਕੇ ਮੋਰਚੇ ਗੱਡ ਦਿੱਤੇ ਹਨ ਜਿਸ ਤਹਿਤ ਇਥੋਂ ਦੇ ਰੇਲਵੇ ਸਟੇਸ਼ਨ ਉੱਤੇ ਕਿਸਾਨਾਂ ਮਜ਼ਦੂਰਾਂ ਨੇ ਧਰਨਾ ਸ਼ੁਰੂ ਕੀਤਾ ਹੈ| ਜਥੇਬੰਦੀ ਦੇ ਆਗੂ ਸੁਖਦੇਵ ਸਿੰਘ ਦੁੱਬਲੀ ਅਤੇ ਤਰਸੇਮ ਸਿੰਘ ਧਾਰੀਵਾਲ ਦੀ ਅਗਵਾਈ ਹੇਠ ਲਗਾਏ ਇਸ ਧਰਨੇ ਵਿੱਚ ਅੱਜ ਪਹਿਲੇ ਦਿਨ ਪੱਟੀ ਅਤੇ ਵਲਟੋਹਾ ਇਲਾਕੇ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ| ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਆਗੂ ਰੂਪ ਸਿੰਘ ਸੈਦੋ, ਤਰਸੇਮ ਸਿੰਘ ਧਾਲੀਵਾਲ, ਸੁਖਚੈਨ ਸਿੰਘ ਜੰਡ, ਸਵਰਣ ਸਿੰਘ ਹਰੀਕੇ, ਬਲਜੀਤ ਸਿੰਘ ਮਾਣੇਕੇ, ਸਤਨਾਮ ਸਿੰਘ ਹਰੀਕੇ, ਗੁਰਜਿੰਦਰ ਸਿੰਘ ਬੂਹ ਹਵੇਲੀਆ, ਪੂਰਨ ਸਿੰਘ ਵਰਨਾਲਾ ਆਦਿ ਨੇ ਸੰਬੋਧਨ ਕੀਤਾ| ਕਿਸਾਨ ਰਾਤ ਵੇਲੇ ਵੀ ਧਰਨੇ ਵਾਲੀ ਥਾਂ ਤੇ ਟਿਕੇ ਰਹਿਣਗੇ|