ਪੱਤਰ ਪ੍ਰੇਰਕ
ਮੁਕੇਰੀਆਂ, 16 ਫਰਵਰੀ
ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਨੂੰ ਰਿਹਾਅ ਕੀਤੇ ਜਾਣ ਖਿਲਾਫ਼ ਅਤੇ ਕਿਸਾਨੀ ਮੰਗਾਂ ਨਾ ਮੰਨਣ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੱਗੜੀ ਸੰਭਾਲ ਜੱਟਾ ਲਹਿਰ ਦੇ ਪ੍ਰਧਾਨ ਗੁਰਨਾਮ ਸਿੰਘ ਜਹਾਨਪੁਰ ਦੀ ਅਗਵਾਈ ਵਿੱਚ ਅੱਜ ਐਸਡੀਐਮ ਦਫ਼ਤਰ ਮੂਹਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸੇ ਤਰ੍ਹਾਂ ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਦੇ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾ ਦੀ ਅਗਵਾਈ ਵਿੱਚ ਮੋਦੀ ਦੀ ਰੈਲੀ ਵਿੱਚ ਜਾ ਰਹੇ ਭਾਜਪਾਈਆਂ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਕਿਸਾਨਾਂ ਨਾਲ ਵਾਅਦੇ ਕਰਕੇ ਉਨ੍ਹਾਂ ਨੂੰ ਪੂਰਾ ਕਰਨ ਤੋਂ ਆਕੀ ਹੋ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਆਸ਼ੀਸ਼ ਮਿਸ਼ਰਾ ਨੂੰ ਸਖਤ ਸਜ਼ਾ ਦਿੱਤੀ ਜਾਵੇ ਅਤੇ ਗ੍ਰਹਿ ਰਾਜ ਮੰਤਰੀ ਮਿਸ਼ਰਾ ਨੂੰ ਤੁਰੰਤ ਕੈਬਨਿਟ ’ਚੋਂ ਬਰਖਾਸਤ ਕੀਤਾ ਜਾਵੇ।
ਅਟਾਰੀ: ਅੱਜ ਸਬ ਤਹਿਸੀਲ ਅਟਾਰੀ ਤੇ ਚੋਗਾਵਾਂ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਬਾਰਡਰ ਏਰੀਆ ਸੰਘਰਸ਼ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਸਾੜ ਕੇ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਕਿਸਾਨ ਆਗੂ ਰਤਨ ਸਿੰਘ ਰੰਧਾਵਾ ਨੇ ਕਿਹਾ ਕਿ ਗਿਣੀ-ਮਿਥੀ ਸਾਜਿਸ਼ ਤਹਿਤ ਮੋਦੀ ਸਰਕਾਰ ਨੇ ਭਾਜਪਾ ਨੂੰ ਵੋਟਾਂ ਵਿੱਚ ਲਾਭ ਦਿਵਾਉਣ ਲਈ ਸੰਤ ਰਾਮ ਰਹੀਮ ਨੂੰ ਫਰਲੋ ਦਿੱਤੀ ਹੈ। ਇਸੇ ਤਰ੍ਹਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਿਸਾਨ ਆਗੂ ਲਖਵਿੰਦਰ ਸਿੰਘ ਡਾਲਾ ਤੇ ਕੁਲਵੰਤ ਸਿੰਘ ਰਾਜਾਤਾਲ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਗੁਰਦਾਸਪੁਰ (ਪੱਤਰ ਪ੍ਰੇਰਕ): ਇਥੇ ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਪੰਜਾਬ ਕਿਸਾਨ ਯੂਨੀਅਨ (ਰੰਧਾਵਾ)ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ,ਕਿਰਤੀ ਕਿਸਾਨ ਯੂਨੀਅਨ ਪੰਜਾਬ, ਕਿਸਾਨ ਮਜ਼ਦੂਰ ਯੂਨੀਅਨ ਮਾਝਾ, ਲੋਕ ਭਲਾਈ ਵੈਲਫੇਅਰ ਐਸੋਸੀਏਸ਼ਨ, ਪੱਗੜੀ ਸੰਭਾਲ ਲਹਿਰ, ਬੀ.ਕੇ.ਯੂ ਮਾਝਾ, ਕੁੱਲ ਹਿੰਦ ਕਿਸਾਨ ਸਭਾ (ਪੁੰਨਾਵਾਲ) ਨੇ ਪਹਿਲਾਂ ਸਾਂਝੇ ਤੌਰ ਉੱਤੇ ਗੁਰੂ ਨਾਨਕ ਪਾਰਕ ਵਿਚ ਰੋਸ ਰੈਲੀ ਕੀਤਾ। ਇਸੇ ਤਰ੍ਹਾਂ ਬੱਬਰੀ ਬਾਈ ਪਾਸ ਚੌਕ ਵਿੱਚ ਵੀ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ।
ਤਰਨ ਤਾਰਨ (ਪੱਤਰ ਪ੍ਰੇਰਕ): ਇਥੇ ਕਿਸਾਨ ਜਥੇਬੰਦੀਆਂ ਨੇ ਥਾਂ-ਥਾਂ ’ਤੇ ਰੋਸ ਵਿਖਾਵੇ ਕੀਤੇ ਤੇ ਪ੍ਰਧਾਨ ਮੰਤਰੀ ਦੇ ਪੁਤਲੇ ਸਾੜੇ| ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਇਥੋਂ ਦੇ ਚੌਂਕ ਬੋਹੜੀ ਵਿੱਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ।