ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 27 ਦਸੰਬਰ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲਵੇ ਲਾਈਨ ਦੇਵੀਦਾਸਪੁਰਾ ’ਤੇ ਰੇਲ ਰੋਕੋ ਅੰਦੋਲਨ ਤਹਿਤ ਲਾਏ ਧਰਨੇ ਦੇ 8ਵੇਂ ਦਿਨ ਚੰਨੀ ਸਰਕਾਰ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਪੁਤਲੇ ਫੂਕੇ।
ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਹਰਪ੍ਰੀਤ ਸਿੰਘ ਸਿੱਧਵਾਂ ਨੇ ਦੱਸਿਆ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਕੱਲ੍ਹ ਕਿਸਾਨਾਂ ਮਜ਼ਦੂਰਾਂ ਦੇ ਰੇਲ ਰੋਕੋ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦਿਆਂ ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਹੱਕੀ ਮੰਗਾਂ ਨੂੰ ਲਾਗੂ ਕਰਾਉਣ ਦੀ ਜਗ੍ਹਾ ਰੇਲ ਰੋਕੋ ਅੰਦੋਲਨ ਖਤਮ ਕਰਨ ਬਾਰੇ ਕਹਿ ਰਹੇ ਹਨ ਜਿਸ ਦੇ ਵਿਰੋਧ ਵਜੋਂ ਅੱਜ ਪੂਰੇ ਪੰਜਾਬ ਵਿੱਚ ਐੱਮਪੀ ਔਜਲਾ, ਚੰਨੀ ਸਰਕਾਰ ਤੇ ਕਾਂਗਰਸ ਪ੍ਰਧਾਨ ਦੇ ਪੁਤਲੇ ਫੂਕੇ ਗਏ ਹਨ। ਰੇਲਵੇ ਟਰੈਕ ਦੇਵਿਦਾਸਪੁਰਾ ਵਿਖੇ ਪੁਤਲਾ ਫੂਕਦਿਆਂ ਕਿਸਾਨ ਆਗੂ ਸਤਨਾਮ ਸਿੰਘ ਮਾਨੋਚਾਹਲ ਤੇ ਹੋਰ ਆਗੂਆਂ ਨੇ ਕਿਹਾ ਰੇਲ ਰੋਕੋ ਅੰਦੋਲਨ ਤੋਂ ਇਲਾਵਾ ਵੀ ਜ਼ਿਲ੍ਹੇ ਵਿੱਚ ਹੋਰ ਬਹੁਤ ਸਾਰੇ ਧਰਨੇ ਚੱਲ ਰਹੇ ਹਨ। ਉਨ੍ਹਾਂ ਦੀਆਂ ਮੰਗਾ ਵੱਲ੍ਹ ਔਜਲਾ ਕਿਉਂ ਨਹੀ ਦੇਖ ਰਹੇ ਤੇ ਇਹ ਬਿਆਨ ਸਿਰਫ ਲੋਕਾਂ ਨੂੰ ਕਿਸਾਨਾਂ ਖਿਲਾਫ਼ ਭੜਕਾਉਣ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਰੇਲ ਰੋਕੋ ਅੰਦੋਲਨ ਜਾਰੀ ਰਹੇਗਾ।
ਟਾਂਡਾ (ਸੁਰਿੰਦਰ ਸਿੰਘ ਗੁਰਾਇਆ): ਕਿਸਾਨਾਂ ਨੂੰ ਰੇਲਵੇ ਮਾਰਗਾਂ ਤੋਂ ਉਠਾਉਣ ਦੇ ਦਿੱਤੇ ਬਿਆਨ ਨੂੰ ਲੈ ਕੇ ਅੱਜ ਇਥੋਂ ਦੇ ਰੇਲਵੇ ਸਟੇਸ਼ਨ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਲਗਾਏ ਗਏ ਪੱਕੇ ਧਰਨੇ ਦੌਰਾਨ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦਾ ਪੁਤਲਾ ਫੂਕਿਆ ਗਿਆ। ਅੱਜ ਦੇ ਰੋਸ ਧਰਨੇ ਦੀ ਅਗਵਾਈ ਬੀਬੀ ਦਵਿੰਦਰ ਕੌਰ ਤੇ ਬੀਬੀ ਪਰਮਜੀਤ ਕੌਰ ਨੇ ਕੀਤੀ। ਇਸ ਮੌਕੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਸ਼ਿਵੰਦਰ ਸਿੰਘ ਚੁਤਾਲਾ, ਜ਼ੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ, ਬੀਬੀ ਮਨਜੀਤ ਕੌਰ, ਬੀਬੀ ਹਰਜਿੰਦਰ ਕੌਰ ਤੇ ਬੀਬੀ ਜਸਬੀਰ ਕੌਰ ਨੇ ਕਾਂਗਰਸੀ ਮੈਂਬਰ ਪਾਰਲੀਮੈਂਟ ਔਜਲਾ ਪ੍ਰਤੀ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ।
ਯੂਰੀਆ ਦੀ ਕਿੱਲਤ ਤੋਂ ਬਚਣ ਲਈ ਰੇਲ ਆਵਾਜਾਈ ਬਹਾਲ ਕਰਨ ਦੀ ਅਪੀਲ
ਅੰਮ੍ਰਿਤਸਰ (ਪੱਤਰ ਪ੍ਰੇਰਕ): ਮੁੱਖ ਖੇਤੀਬਾੜੀ ਅਫਸਰ ਡਾ. ਜਤਿੰਦਰ ਸਿੰਘ ਗਿੱਲ ਨੇ ਅੱਜ ਇਥੇ ਕਿਸਾਨਾਂ ਨੂੰ ਯੂਰੀਆ ਖਾਦ ਦੀ ਕਿੱਲਤ ਤੋਂ ਬਚਣ ਲਈ ਕਿਸਾਨ ਜਥੇਬੰਦੀਆਂ ਨੂੰ ਰੇਲ ਆਵਾਜ਼ਾਈ ਬਹਾਲ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਹਾੜੀ ਸੀਜ਼ਨ ਦੌਰਾਨ ਖਾਦ ਦੀ ਪੂਰਤੀ ਲਈ 12094 ਮੀਟਰਿਕ ਟਨ ਯੂਰੀਆ ਖਾਦ ਦਾ ਸਟਾਕ ਹੋਰ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਰੇਲ ਟਰੈਕਾਂ ’ਤੇ ਲਗਾਏ ਧਰਨਿਆਂ ਕਾਰਨ ਯੂਰੀਆ ਖਾਦ ਦਾ ਇੱਕ ਰੈਕ ਵਾਪਸ ਚਲਾ ਗਿਆ ਹੈ
ਮੁੱਖ ਮੰਤਰੀ ਨਾਲ ਮੀਟਿੰਗ ਬਾਅਦ ਮਸਲੇ ਦੇ ਹੱਲ ਦੀ ਉਮੀਦ
ਅੰਮ੍ਰਿਤਸਰ(ਜਗਤਾਰ ਸਿੰਘ ਲਾਂਬਾ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਫ਼ਦ ਵੱਲੋਂ ਕਿਸਾਨੀ ਮੰਗਾਂ ਦੇ ਸਬੰਧ ਵਿੱਚ 28 ਦਸੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਮੰਗਾਂ ਮੰਨਣ ਸਬੰਧੀ ਹੁੰਗਾਰਾ ਮਿਲਣ ਤੋਂ ਬਾਅਦ ਰੇਲ ਪਟੜੀਆਂ ਤੋਂ ਧਰਨਾ ਖਤਮ ਕਰਨ ਦਾ ਫੈਸਲਾ ਕੀਤਾ ਜਾਵੇਗਾ। ਕਿਸਾਨ ਆਗੂਆਂ ਦੀ ਅੱਜ ਸ਼ਾਮ ਇਸ ਸਬੰਧ ਵਿਚ ਜ਼ਿਲਾ ਤੇ ਪੁਲੀਸ ਉਚ ਅਧਿਕਾਰੀਆਂ ਨਾਲ ਮੀਟਿੰਗ ਹੋਈ ਹੈ। ਪਿਛਲੇ ਕਈ ਦਿਨਾਂ ਤੋਂ ਰੇਲ ਗੱਡੀਆਂ ਦੀ ਆਵਾਜ਼ਾਈ ਬੰਦ ਹੋਣ ਕਾਰਨ ਯਾਤਰੂ ਪ੍ਰੇਸ਼ਾਨ ਹਨ।ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਸ਼ਾਮ ਪੰਜਾਬ ਪੁਲੀਸ ਦੇ ਆਈਜੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਹੋਈ ਹੈ, ਜਿਨਾਂ ਨੇ ਭਲਕੇ ਮੰਗਾਂ ਸਬੰਧੀ ਮੁਖ ਮੰਤਰੀ ਨਾਲ ਮੀਟਿੰਗ ਤਹਿ ਕਰਵਾਈ ਹੈੈ। ਭਲਕੇ ਕਿਸਾਨ ਵਫਦ, ਜਿਸ ਵਿਚ ਪਾਰਟੀ ਪ੍ਰਧਾਨ ਸਤਨਾਮ ਸਿੰਘ ਪਨੂੰ, ਸਰਵਣ ਸਿੰਘ ਪੰਧੇਰ, ਜਸਬੀਰ ਸਿੰਘ ਪਿੱਦੀ, ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਤੇ ਹੋਰ ਮੁਖ ਮੰਤਰੀ ਨੂੰ ਮਿਲਣ ਜਾਣਗੇ। ਜੇਕਰ ਮੁਖ ਮੰਤਰੀ ਨਾਲ ਮੀਟਿੰਗ ਵਿਚ ਕਿਸਾਨ ਮੰਗਾਂ ਦੀ ਪੂਰਤੀ ਬਾਰੇ ਹਾਂ ਪੱਖੀ ਹੁੰਗਾਰਾ ਮਿਲਿਆ ਤਾਂ ਉਸ ਤੋਂ ਬਾਅਦ ਹੀ ਰੇਲ ਪਟੜੀਆਂ ਤੋਂ ਧਰਨਾ ਖਤਮ ਕਰਨ ਬਾਰੇ ਫੈਸਲਾ ਕੀਤਾ ਜਾਵੇਗਾ। ਇਸ ਦੌਰਾਨ ਅੱਜ ਵੀ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਸੁੰਨ ਪਸਰੀ ਰਹੀ ਅਤੇ ਰੇਲ ਗੱਡੀਆਂ ਦੀ ਆਵਾਜਾਈ ਨਹੀਂ ਹੋਈ।
ਜਲੰਧਰ ਛਾਉਣੀ ਰੇਲਵੇ ਸਟੇਸ਼ਨ ਉੱਤੇ ਵੀ ਪੁਤਲੇ ਫੂਕੇ਼
ਜਲੰਧਰ(ਪਾਲ ਸਿੰਘ ਨੌਲੀ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਲੰਧਰ ਛਾਉਣੀ ਰੇਲਵੇ ਸਟੇਸ਼ਨ ’ਤੇ ਲੱਗਾ ਲਾਇਆ ਧਰਨਾ 5ਵੇਂ ਦਿਨ ਵਿੱਚ ਦਾਖਲ ਹੋ ਗਿਆ। ਇਸ ਮੌਕੇ ਕਿਸਾਨਾਂ ਨੇ ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਮੰਤਰੀ ਗੁਰਪ੍ਰੀਤ ਔਜਲਾ ਦੇ ਬੇਤੁਕੇ ਬਿਆਨ ’ਤੇ ਮੁੱਖ ਮੰਤਰੀ ਚੰਨੀ, ਖੇਤੀ ਮੰਤਰੀ ਤੋਮਰ ਅਤੇ ਔਜਲਾ ਦੇ ਪੁਤਲੇ ਫੂਕੇ ਅਤੇ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਚੰਨੀ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਹੀ ਸਿਸਟਮ ਨੂੰ ਚਲਾਉਣ ਵਿੱਚ ਅਸਮਰੱਥ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੇ ਸਬਰ ਨੂੰ ਹੋਰ ਨਾ ਪਰਖੇ ਅਤੇ ਆਪਣੇ ਚੋਣ ਮੈਨੀਫੇਸਟੋ ਵਿੱਚ ਕੀਤੇ ਹੋਏ ਵਾਅਦੇ ਅਤੇ ਸੰਘਰਸ਼ ਦੌਰਾਨ ਮੰਨੀਆਂ ਹੋਈਆਂ ਮੰਗਾਂ ਤੁਰੰਤ ਲਾਗੂ ਕਰੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੂਬਾ ਖਜ਼ਾਨਚੀ ਗੁਰਲਾਲ ਸਿੰਘ ਪੰਡੋਰੀ ਨੇ ਸੰਬੋਧਨ ਕਰਦਿਆਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਉਭਾਰਿਆ।