ਗੁਰਬਖਸ਼ਪੁਰੀ
ਤਰਨ ਤਾਰਨ, 19 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਬਲਾਕ ਗੰਡੀਵਿੰਡ ਇਕਾਈ ਵੱਲੋਂ ਅੱਜ ਸਰਹੱਦੀ ਖੇਤਰ ਦੇ ਪਿੰਡ ਦੋਦੇ ਨੇੜੇ ਅਪਰ ਬਾਰੀ ਦੋਆਬ ਨਹਿਰ (ਯੂਬੀਡੀਸੀ) ਵਿੱਚ ਪਾਣੀ ਦੀ ਸਪਲਾਈ ਵਿੱਚ ਲਗਾਤਾਰ ਰੁਕਾਵਟ ਆਉਣ ਖ਼ਿਲਾਫ਼ ਅੱਜ ਰੋਸ ਵਿਖਾਵਾ ਕੀਤਾ ਗਿਆ| ਇਸ ਰੋਸ ਵਿਖਾਵੇ ਵਿੱਚ ਆਸ ਪਾਸ ਦੇ ਪਿੰਡਾਂ ਦੇ ਕਿਸਾਨਾਂ ਨੇ ਭਾਗ ਲਿਆ| ਜਥੇਬੰਦੀ ਦੇ ਆਗੂ ਜਗਬੀਰ ਸਿੰਘ ਬੱਬੂ ਦੀ ਅਗਵਾਈ ਵਿੱਚ ਕੀਤੇ ਗਏ ਇਸ ਰੋਸ ਵਿਖਾਵੇ ਵਿੱਚ ਸ਼ਾਮਲ ਕਿਸਾਨਾਂ ਨੂੰ ਹੋਰਨਾਂ ਤੋਂ ਇਲਾਵਾ ਗੁਰਿੰਦਰ ਸਿੰਘ, ਜਸਕਰਨ ਸਿੰਘ, ਸਰਬਜੀਤ ਸਿੰਘ ਨੇ ਸੰਬੋਧਨ ਕੀਤਾ| ਇਨ੍ਹਾਂ ਆਗੂਆਂ ਨੇ ਕਿਹਾ ਕਿ ਪਿਛਲੇ ਇਕ ਮਹੀਨੇ ਤੋਂ ਇਸ ਨਹਿਰ ਵਿੱਚ ਪਾਣੀ ਕਈ ਕਈ ਦਿਨਾਂ ਤੱਕ ਅਕਸਰ ਬੰਦ ਰਹਿਣ ਕਰਕੇ ਕਿਸਾਨਾਂ ਦੀਆਂ ਝੋਨਾ ਸਮੇਤ ਹੋਰ ਫਸਲਾਂ ਸੁੱਕ ਰਹੀਆਂ ਹਨ| ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਇਹ ਮਾਮਲਾ ਕਈ ਵਾਰ ਨਹਿਰੀ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਹੈ ਪਰ ਉਹ ਕਿਸਾਨਾਂ ਦੀ ਇਸ ਜਾਇਜ਼ ਮੁਸ਼ਕਲ ਦਾ ਹੱਲ ਕਰਨ ਲਈ ਗੰਭੀਰ ਨਹੀਂ ਹਨ| ਇਨ੍ਹਾਂ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਨਹਿਰੀ ਪਾਣੀ ਦੀ ਸਪਲਾਈ ਵਿੱਚ ਸੁਧਾਰ ਨਾ ਕਰਨ ’ਤੇ ਜਥੇਬੰਦੀ ਵਿਭਾਗ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ|
ਕੇਂਦਰ ਸਰਕਾਰ ਵੱਲੋਂ ਬਣਾਈ ਐੱਮਐੱਸਪੀ ਕਮੇਟੀ ਨੂੰ ਰੱਦ ਕੀਤਾ
ਜੰਡਿਆਲਾ ਗੁਰੂ (ਪੱਤਰ ਪ੍ਰੇਰਕ) ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਦੇ ਕਿਸਾਨ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਭੁਪਿੰਦਰ ਸਿੰਘ ਭੋਲਾ ਤੀਰਥਪੁਰਾ, ਕਾਮਰੇਡ ਲਖਬੀਰ ਸਿੰਘ ਨਿਜ਼ਾਮਪੁਰ ਦੀ ਪ੍ਰਧਾਨਗੀ ਹੇਠ ਪਿੰਡ ਤੀਰਥਪੁਰਾ ’ਚ ਹੋਈ। ਇਸ ਮੀਟਿੰਗ ਵਿੱਚ ਕੇਂਦਰ ਦੀ ਸਰਕਾਰ ਵੱਲੋਂ ਨਵੀਂ ਬਣਾਈ ਗਈ ਐੱਮਐੱਸਪੀ ਕਮੇਟੀ ਨੂੰ ਮੁੱਢੋਂ ਹੀ ਨਕਾਰ ਦਿੱਤਾ ਗਿਆ ਤੇ ਇਸ ਕਮੇਟੀ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਪ੍ਰਧਾਨ ਭੁਪਿੰਦਰ ਸਿੰਘ ਤੀਰਥਪੁਰ ਨੇ ਕਿਹਾ ਸਰਕਾਰ ਨੇ ਉਨ੍ਹਾਂ ਨਾਲ ਜੋ ਵਾਅਦੇ ਕੀਤੇ ਸਨ, ਵਿੱਚੋਂ ਇੱਕ ਵੀ ਵਾਅਦਾ ਵਫਾ ਨਹੀਂ ਹੋਇਆ। ਉਨ੍ਹਾਂ ਕਿਹਾ ਸਰਕਾਰ ਨੇ ਕਿਹਾ ਸੀ ਕਿ ਜਦੋਂ ਇਹ ਕਮੇਟੀ ਬਣੇਗੀ ਉਸ ’ਚ ਕੁੱਲ ਨੌਂ ਮੈਂਬਰ ਹੋਣਗੇ, ਜਿਸ ਵਿੱਚ ਪੰਜ ਮੈਂਬਰ ਕਿਸਾਨਾਂ ਦੇ ਤੇ ਚਾਰ ਮੈਂਬਰ ਸਰਕਾਰ ਦੇ ਹੋਣਗੇ। ਇਸ ਕਮੇਟੀ ਦਾ ਚੇਅਰਮੈਨ ਵੀ ਕਿਸਾਨਾਂ ਵਿੱਚੋਂ ਲੈਣ ਬਾਰੇ ਕਿਹਾ ਗਿਆ ਸੀ, ਪਰ ਸਰਕਾਰ ਨੇ ਇਹ ਕਮੇਟੀ ਬਣਾ ਕੇ ਇਕ ਵਾਰ ਫਿਰ ਤੋਂ ਕਿਸਾਨਾਂ ਦੇ ਜ਼ਖਮਾਂ ’ਤੇ ਲੂਣ ਛਿੜਕਣ ਵਾਲੀ ਗੱਲ ਕੀਤੀ ਹੈ। ਜਿਸ ਨੂੰ ਉਹ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਕਿਸਾਨ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਇਸ ਬਣਾਈ ਗਈ ਐੱਮਐੱਸਪੀ ਕਮੇਟੀ ਨੂੰ ਤੁਰੰਤ ਰੱਦ ਨਾ ਕੀਤਾ ਤਾਂ ਉਨ੍ਹਾਂ ਨੂੰ ਫਿਰ ਤੋਂ ਵੱਡੀ ਪੱਧਰ ‘ਤੇ ਅੰਦੋਲਨ ਕਰਨ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਕਿਸਾਨਾਂ ਨੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਮੌਕੇ ਸਾਬਕਾ ਸਰਪੰਚ ਗੁਰਭੇਜ ਸਿੰਘ, ਕਿਸਾਨ ਆਗੂ ਤਰਸੇਮ ਸਿੰਘ, ਸਾਬਕਾ ਐਸਡੀਓ ਬਲਵੰਤ ਸਿੰਘ, ਪ੍ਰਤਾਪ ਸਿੰਘ, ਹਰਜੀਤ ਸਿੰਘ, ਅਵਤਾਰ ਸਿੰਘ, ਗੁਰਮੇਜ਼ ਸਿੰਘ, ਧਰਮਿੰਦਰ ਸਿੰਘ, ਕਰਨੈਲ ਸਿੰਘ ਸੈਕਟਰੀ, ਹਰਪ੍ਰੀਤ ਸਿੰਘ, ਸੁਖਦੇਵ ਸਿੰਘ, ਸਵਰਨਜੀਤ ਸਿੰਘ ਵੀ ਹਾਜ਼ਰ ਸਨ।