ਪੱਤਰ ਪ੍ਰੇਰਕ
ਫਤਿਹਗੜ੍ਹ ਚੂੜੀਆਂ, 19 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ’ਤੇ ਮੀਟਿੰਗ ਘਣੀਏ ਕੇ ਬਾਂਗਰ ਵਿਖੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਵਾਤਾਵਰਣ ਤੇ ਪਾਣੀ ਬਚਾਉਣ ਲਈ 21 ਤੋਂ 25 ਜੁਲਾਈ ਤੱਕ ਪੰਜ ਰੋਜ਼ਾ ਧਰਨੇ ਨਹਿਰੀ ਵਿਭਾਗ ਅੰਮ੍ਰਿਤਸਰ ਦੇ ਦਫਤਰ ਅੱਗੇ ਦਿੱਤੇ ਜਾਣਗੇ। ਇਸ ਮੌਕੇ ਪੰਜਾਬ ਦੇ ਪਾਣੀਆਂ ’ਤੇ ਸੰਸਾਰ ਬੈਂਕ ਵੱਲੋਂ ਸਾਮਰਾਜੀ ਕੰਪਨੀਆਂ ਨੂੰ ਕਬਜ਼ਾ ਕਰਵਾਉਣ ਦੀ ਨੀਤੀ ਬਾਰੇ ਚਰਚਾ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਦਰਿਆਵਾਂ, ਨਹਿਰਾਂ ਤੇ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕੀਤਾ ਜਾ ਰਿਹਾ ਹੈ। ਸ਼ਹਿਰੀ ਸੰਸਥਾਵਾਂ ਵੱਲੋਂ ਸੀਵਰੇਜ ਦਾ ਗੰਦਾ ਪਾਣੀ ਤੇ ਕਾਰਖਾਨਿਆਂ ਵੱਲੋਂ ਅਣਸੋਧਿਆ ਜ਼ਹਿਰੀਲਾ ਪਾਣੀ ਬੋਰਾਂ ਰਾਹੀਂ ਧਰਤੀ ਹੇਠ ਪਾਇਆ ਜਾ ਰਿਹਾ ਹੈ ਅਤੇ ਦਰਿਆਵਾਂ ਨਹਿਰਾਂ ਤੇ ਨਿਕਾਸੀ ਨਾਲਿਆਂ ਵਿਚ ਸੁਟਿਆ ਜਾ ਰਿਹਾ ਹੈ, ਜਿਸ ਕਰਕੇ ਪੰਜਾਬ ਦਾ ਪਾਣੀ ਪ੍ਰਦੂਸ਼ਤ ਹੋ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਬਾਰਸ਼ਾਂ ਦੇ ਪਾਣੀ ਨੂੰ ਧਰਤੀ ਹੇਠ ਰੀਚਾਰਜ ਕਰਨ ਦਾ ਪ੍ਰਬੰਧ ਕੀਤਾ ਜਾਵੇ।