ਕਿਸਾਨ ਜਥੇਬੰਦੀਆ ਵੱਲੋਂ ਡੀਸੀ ਦਫਤਰ ਅੱਗੇ ਨਾਅਰੇਬਾਜ਼ੀ
ਸੰਯੁਕਤ ਕਿਸਾਨ ਮੋਰਚੇ ਦੇ ਸੂਬਾਈ ਸੱਦੇ ’ਤੇ ਇਥੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆ ਦੇ ਕਾਰਕੁਨਾਂ ਵੱਲੋੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਗਿਆ ਤੇ ਇਸ ਮੌਕੇ ਪੰਜਾਬ ਅੰਦਰ ਆਏ ਹੜ੍ਹਾਂ ਦੀ ਜੁਡੀਸ਼ਲ ਜਾਂਚ ਤੇ ਹੜ੍ਹ ਪੀੜਤਾਂ ਨੂੰ ਢੁੱਕਵੀਂ ਸਹਾਇਤਾ ਦੇਣ ਦੀ ਮੰਗ ਕੀਤੀ ਗਈ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇ ਲਾਏ ਤੇ ਰੋਸ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਿਸਾਨਾਂ ਵੱਲੋਂ ਅਪਣੀਆ ਮੰਗਾਂ ਸਬੰਧੀ ਇਕ ਮੰਗ ਪੱਤਰ ਵੀ ਸੌਂਪਿਆ ਗਿਆ। ਬੁਲਾਰਿਆ ਨੇ ਦੋਸ਼ ਲਾਇਆ ਕਿ ਪੰਜਾਬ ਅੰਦਰ ਆਏ ਹੜ੍ਹ ਕੁਦਰਤੀ ਕਰੋਪੀ ਨਹੀਂ ਸਗੋਂ ਇਸ ਵਾਸਤੇ ਪੰਜਾਬ ਤੇ ਕੇਂਦਰ ਸਰਕਾਰਾਂ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਥੀਨ ਡੈਮ ਦੀ ਮੈਨੇਜਮੈਂਟ ਮੁੱਖ ਤੌਰ ’ਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਐਲਾਨ ਨਾ ਮਾਤਰ ਸਹਾਇਤਾ ਵੀ ਪ੍ਰਦਾਨ ਨਹੀਂ ਕਰਦੇ। ਆਗੂਆਂ ਨੇ ਮੰਗ ਕੀਤੀ ਕਿ ਹੜ੍ਹ ਪੀੜਤਾਂ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ਫਸਲਾਂ ਦੇ ਖਰਾਬੇ ਲਈ ਪ੍ਰਤੀ ਏਕੜ 70 ਹਜ਼ਾਰ ਰੁਪਏ, ਕਮਾਦ ਦੀ ਫ਼ਸਲ ਲਈ ਇਕ ਲੱਖ ਰੁਪਏ ਪ੍ਰਤੀ ਏਕੜ ਤੇ ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤੇ ਜਾਣ, ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਨੂੰ ਦਿੱਤਾ ਜਾਵੇ, ਇਸੇ ਤਰ੍ਹਾਂ ਇਕ ਲੱਖ ਰੁਪਏ ਦੀ ਗਰਾਂਟ ਹਰੇਕ ਪੀੜਤ ਪਰਿਵਾਰ ਨੂੰ ਦਿੱਤੀ ਜਾਵੇ, ਹੜ੍ਹਾਂ ਵਿੱਚ ਮਾਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਪ੍ਰਤੀ ਵਿਅਕਤੀ , ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਮਾਰੇ ਗਏ ਦੁਧਾਰੂ ਪਸ਼ੂਆਂ ਦਾ ਇੱਕ ਲੱਖ ਰੁਪਏ ਪ੍ਰਤੀ ਪਸ਼ੂ, ਭੇਡਾਂ ਬੱਕਰੀਆਂ ਆਦਿ ਦਾ 20 ਹਜ਼ਾਰ ਰੁਪਏ ਪ੍ਰਤੀ ਜਾਨਵਰ ਮੁਆਵਜ਼ਾ ਦਿੱਤਾ ਜਾਵੇ। ਆਗੂਆਂ ਨੇ ਕਿਹਾ ਕਿ ਜੇ ਸਰਕਾਰ ਵੱਲੋਂ ਜਲਦੀ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਯੁਕਤ ਕਿਸਾਨ ਮੋਰਚਾ ਹੋਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਮੀਤ ਪ੍ਰਧਾਨ ਰਤਨ ਸਿੰਘ ਰੰਧਾਵਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਬੀ ਕੇ ਯੂ ਉਗਰਾਹਾਂ ਦੇ ਆਗੂ ਡਾਕਟਰ ਪਰਮਿੰਦਰ ਸਿੰਘ ਪੰਡੋਰੀ, ਬਘੇਲ ਸਿੰਘ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਧਨਵੰਤ ਸਿੰਘ ਖਤਰਾਏ ਕਲਾਂ, ਪ੍ਰਭਜੀਤ ਸਿੰਘ ਤਿੰਮੋਵਾਲ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾਈ ਸਕੱਤਰ ਲਖਬੀਰ ਸਿੰਘ ਨਿਜ਼ਾਮਪੁਰਾ, ਬਲਦੇਵ ਸਿੰਘ ਵੇਰਕਾ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਸੁੱਚਾ ਸਿੰਘ ਅਜਨਾਲਾ ਤੇ ਸਵਿੰਦਰ ਸਿੰਘ ਮੀਰਾਂਕੋਟ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਦਲਬੀਰ ਸਿੰਘ ਬੇਦਾਦਪੁਰ ਅਤੇ ਹਰਜੀਤ ਸਿੰਘ ਝੀਤੇ, ਬੀਕੇਯੂ ਰਾਜੇਵਾਲ ਦੇ ਆਗੂ ਸੁਖਰਾਜਬੀਰ ਸਿੰਘ ਲੁਹਾਰਕਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਬਲਬੀਰ ਸਿੰਘ ਮੂਧਲ ਆਦਿ ਨੇ ਸੰਬੋਧਨ ਕੀਤਾ।