ਜਤਿੰਦਰ ਬੈਂਸ
ਗੁਰਦਾਸਪੁਰ, 29 ਮਾਰਚ
ਕੇਂਦਰ ਸਰਕਾਰ ਵੱਲੋਂ ਚਿੱਪ ਵਾਲੇ ਬਿਜਲੀ ਮੀਟਰ ਲਾਉਣ ਖਿਲਾਫ਼ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਵਾਲੀ ਦੀ ਅਗਵਾਈ ਹੇਠ ਪਿੰਡ ਖਹਿਰਾ ਕੋਟਲੀ ਵਿਖੇ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਦੇ ਇੱਕਠ ਦੌਰਾਨ ਇਹ ਫੈਸਲਾ ਲਿਆ ਗਿਆ। ਇਸ ਮੌਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂ ਲਖਵਿੰਦਰ ਸਿੰਘ ਮੰਜਿਆਂਵਾਲੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਿਜਲੀ ਬਿੱਲ 2020 ਨੂੰ ਪੰਜਾਬ ਸਰਕਾਰ ’ਤੇ ਦਬਾਅ ਪਾ ਕੇ ਪ੍ਰੀਪੇਡ ਮੀਟਰ ਘਰਾਂ ਤੇ ਖੇਤੀ ਮੋਟਰਾਂ ’ਤੇ ਲਾਉਣ ਲਈ ਦਬਾਅ ਵਧਾ ਰਹੀ ਹੈ ਜਿਸ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਖਤ ਵਿਰੋਧ ਕੀਤਾ ਜਾਵੇਗਾ। ਕਿਸਾਨ ਆਗੂ ਨੇ ਲੰਬੀ ‘ਚ ਗੁਲਾਬੀ ਸੁੰਡੀ ਨਾਲ ਤਬਾਹ ਹੋਏ ਨਰਮੇ ਦਾ ਮੁਆਵਜ਼ਾ ਲੈਣ ਲਈ ਘਿਰਾਓ ਕਰੀ ਬੈਠੇ ਕਿਸਾਨਾਂ ‘ਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਅਤੇ ਜ਼ਖ਼ਮੀ ਕਿਸਾਨਾਂ ਦਾ ਮੁਫ਼ਤ ਇਲਾਜ ਤੇ ਲਾਠੀਚਾਰਜ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸਿਮਰਨਜੋਤ ਸਿੰਘ ਕੋਟਲੀ ਖਹਿਰਾ, ਹਰਜਿੰਦਰ ਸਿੰਘ, ਬਲਵੀਰ ਸਿੰਘ, ਰਣਜੀਤ ਸਿੰਘ, ਰਾਮ ਸਿੰਘ, ਪਰਗਟ ਸਿੰਘ, ਅਜੀਤ ਸਿੰਘ ਨੇ ਸੰਬੋਧਨ ਕੀਤਾ।