ਜਤਿੰਦਰ ਬੈਂਸ
ਗੁਰਦਾਸਪੁਰ, 21 ਜੁਲਾਈ
ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਪੰਜਾਬ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਸਬੰਧ ਵਿੱਚ ਇਲਾਕਾ ਪੱਧਰੀ ਕਨਵੈਨਸ਼ਨ ਕੀਤੀ ਗਈ। ਇਸ ਦੀ ਕਾਰਵਾਈ ਕਿਸਾਨ ਆਗੂ ਪਲਵਿੰਦਰ ਸਿੰਘ ਬਾਊਪੁਰ, ਤਰਲੋਕ ਸਿੰਘ ਬਹਿਰਾਮਪੁਰ, ਮੰਗਤ ਸਿੰਘ, ਸੁਖਦੇਵ ਸਿੰਘ ਭਾਗੋਕਾਵਾਂ, ਸੁਰਿੰਦਰ ਸਿੰਘ ਅਤੇ ਦਲਬੀਰ ਸਿੰਘ ਡੁੱਗਰੀ ’ਤੇ ਆਧਾਰਤ ਗਠਿਤ ਪ੍ਰਧਾਨਗੀ ਮੰਡਲ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ। ਬੁਲਾਰਿਆਂ ਨੇ ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਦੇ ਨਾਂ ’ਤੇ ਬਣਾਈ 29 ਮੈਂਬਰੀ ਕਮੇਟੀ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਕਮੇਟੀ ਵਿੱਚ ਸਾਰੇ ਮੈਂਬਰ ਤਿੰਨ ਖੇਤੀ ਕਾਨੂੰਨਾਂ ਦੇ ਹਮਾਇਤੀ ਅਤੇ ਉਨ੍ਹਾਂ ਦੀ ਵਕਾਲਤ ਕਰਨ ਵਾਲੇ ਕਾਰਪੋਰੇਟ ਪੱਖੀ ਲੋਕ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਜਿਹੀ ਇੱਕ ਪੱਖੀ ਕਮੇਟੀ ਬਣਾ ਕੇ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਧੋਖਾ ਕੀਤਾ ਹੈ। ਕਨਵੈਨਸ਼ਨ ਦੌਰਾਨ ਕੇਂਦਰ ਸਰਕਾਰ ਤੋਂ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ, ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਝੁੂਠੇ ਕੇਸ ਰੱਦ ਕਰਨ, ਲਖੀਮਪੁਰ ਖੀਰੀ ਕਾਂਡ ਦੇ ਕਿਸਾਨਾਂ ਨਾਲ ਜੁੜੀਆਂ ਮੰਗਾਂ ਪੂਰੀਆਂ ਕਰਨ, ਸ਼ਹੀਦ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਤੋਂ ਇਲਾਵਾ ਡੈਮਾਂ ਅਤੇ ਦਰਿਆਰੀ ਪਾਣੀਆਂ ਦਾ ਕੰਟਰੋਲ ਪੰਜਾਬ ਹਵਾਲੇ ਕਰਨ ਦੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ 31 ਜੁਲਾਈ ਨੂੰ ਰੇਲ ਜਾਮ ਦੇ ਸੱਦੇ ਨੂੰ ਪੂੁਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ। ਇਸ ਦਿਨ ਗੁਰਦਾਸਪੁਰ ਰੇਲਵੇ ਸਟੇਸ਼ਨ ਉੱਤੇ ਰੇਲਾਂ ਰੋਕਣ ਲਈ ਵੱਡੀ ਗਿਣਤੀ ਕਿਸਾਨਾਂ ਨੂੰ ਪੁੱਜਣ ਦਾ ਸੱਦਾ ਦਿੱਤਾ ਗਿਆ।