ਨਿੱਜੀ ਪੱਤਰ ਪ੍ਰੇਰਕ
ਬਟਾਲਾ, 21 ਅਕਤੂਬਰ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਕਾਰਨ ਹੁਣ ਕਈ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਾਉਣ ਦਾ ਪ੍ਰਣ ਲੈ ਲਿਆ ਹੈ। ਕਿਸਾਨਾਂ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ ਵਿਚਲੇ ਬਹੁਤ ਸਾਰੇ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ। ਐੱਸਡੀਐੱਮ ਬਟਾਲਾ ਡਾ. ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਨੋਡਲ ਅਫਸਰਾਂ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਦਾ ਹਾਂ-ਪੱਖੀ ਨਤੀਜਾ ਦੇਖਣ ਨੂੰ ਮਿਲ ਰਹੇ ਹਨ। ਦੱਸਿਆ ਕਿ ਹਰ ਪਿੰਡ ਵਿੱਚ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ, ਜੋ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰ ਰਹੇ ਹਨ। ਜੇਕਰ ਜ਼ਮੀਨ ਦੀ ਉਪਜਾਊ ਸ਼ਕਤੀ ਖ਼ਤਮ ਹੁੰਦੀ ਹੈ ਤਾਂ ਇਹ ਮਿੱਟੀ ਖੇਤੀ ਯੋਗ ਨਹੀਂ ਰਹੇਗੀ ਜਿਸ ਕਾਰਨ ਸਾਡੀ ਕਿਸਾਨੀ ਖ਼ਤਮ ਹੋਣ ਦੀ ਕਗਾਰ ਤੇ ਆ ਜਾਵੇਗੀ। ਕਿਸਾਨਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨਗੇ। ਪਰਾਲੀ ਦੀ ਸੰਭਾਲ ਦੇ ਬਹੁਤ ਸਾਰੇ ਹੱਲ ਮੌਜੂਦ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਮਸ਼ਵਰੇ ਜਾਂ ਸਹਾਇਤਾ ਲਈ ਖੇਤੀਬਾੜੀ ਵਿਭਾਗ ਨਾਲ ਰਾਬਤਾ ਕੀਤਾ ਜਾਵੇ।