ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਜੀਠਾ ਹਲਕੇ ਤੋਂ ਲੋਕ ਮਿਲਣੀ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਕੀਤੀ ਜਾ ਰਹੀ ਸ਼ੁਰੂਆਤ ਦੇ ਮੱਦੇਨਜ਼ਰ ਕਿਸਾਨਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਗਏ ਤੇ ਰੈਲੀ ਵਿੱਚ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕਰਨ ਦੀ ਤਿਆਰੀ ਕੀਤੀ ਗਈ। ਮੁੱਖ ਮੰਤਰੀ ਵੱਲੋਂ ਕਸਬਾ ਚਵਿੰਡਾ ਦੇਵੀ ਵਿੱਚ 26 ਅਗਸਤ ਨੂੰ ਲੋਕ ਮਿਲਣੀ ਕੀਤੀ ਜਾਣੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵੱਲੋਂ ਪਿੰਡ ਝੰਡੇ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਇਨ੍ਹਾਂ ਦੀਆਂ ਕਿਸਾਨ ਅਤੇ ਲੋਕ ਮਾਰੂ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਪਿੰਡ-ਪਿੰਡ ’ਚ ਫਲੈਕਸਾਂ ਲਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਤਾਂ ਜੋ ਇਨ੍ਹਾਂ ਸਰਕਾਰਾਂ ਦਾ ਮਾੜਾ ਵਤੀਰਾ ਹਰ ਵਰਗ ਦੀਆਂ ਅੱਖਾਂ ਖੋਲ੍ਹ ਸਕੇ।
ਇਸ ਮੌਕੇ ਕਿਸਾਨ ਆਗੂ ਕੰਧਾਰ ਸਿੰਘ ਭੋਏਵਾਲ ਨੇ ਮੰਗ ਕੀਤੀ ਦਿੱਲੀ ਖਨੌਰੀ ਬਾਰਡਰ ’ਤੇ ਕਿਸਾਨਾਂ ਦੀਆਂ ਕੀਤੀਆਂ ਚੋਰੀ ਟਰਾਲੀਆਂ ਵਾਪਸ ਕੀਤੀਆਂ ਜਾਣ ਅਤੇ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ ਅਤੇ ਸ਼ਹੀਦਾਂ ਦੇ ਵਾਰਸਾਂ ਦੇ ਕਰਜ਼ੇ ਖਤਮ ਕੀਤੇ ਜਾਣ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾਣ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਚਵਿੰਡਾ ਦੇਵੀ ’ਚ ਕੀਤੀ ਜਾ ਰਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।
ਦਰਜਨਾਂ ਪਿੰਡਾਂ ’ਚ ਫਲੈਕਸਾਂ ਲਾਈਆਂ
ਅੰਮ੍ਰਿਤਸਰ (ਨਿੱਜੀ ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਪੰਜਾਬ ਦੇ ਦਰਜਨਾਂ ਪਿੰਡਾਂ ਵਿੱਚ ਮੋਰਚੇ ਦੀਆਂ ਮੰਗਾਂ ਸਬੰਧੀ ਫਲੈਕਸਾਂ ਲਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਜਿਸ ਦੌਰਾਨ 31 ਅਗਸਤ ਨੂੰ ਪੂਰੇ ਪੰਜਾਬ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚੱਬਾ, ਪੰਧੇਰ ਕਲਾਂ, ਵੇਰਕਾ, ਕੱਥੂ ਨੰਗਲ ਅਤੇ ਭੋਏਵਾਲ ਸਮੇਤ ਵੱਖ-ਵੱਖ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਫਲੈਕਸਾਂ ਲਾਈਆਂ ਗਈਆਂ। ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਲਈ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵੱਲੋਂ ਅਗਲੇ ਪੜਾਅ ਦੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ 31 ਅਗਸਤ ਨੂੰ ਪੂਰੇ ਪੰਜਾਬ ਦੇ ਡੀ.ਸੀ. ਦਫ਼ਤਰਾਂ ਅੱਗੇ ਕਿਸਾਨਾਂ-ਮਜ਼ਦੂਰਾਂ ਦੇ ਇੱਕ-ਰੋਜ਼ਾ ਧਰਨੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ 14 ਸਤੰਬਰ ਤੋਂ ਪੰਜਾਬ ਦੇ ਵੱਖ-ਵੱਖ ਮੰਤਰੀਆਂ ਦੇ ਹਲਕਿਆਂ ਵਿੱਚ ਪੰਜ-ਰੋਜ਼ਾ ਮੋਰਚੇ ਲਗਾਏ ਜਾਣਗੇ। ਜੇਕਰ ਪੰਜਾਬ ਸਰਕਾਰ ਨੇ ਗੱਲਬਾਤ ਰਾਹੀਂ ਇਨ੍ਹਾਂ ਮਸਲਿਆਂ ਦਾ ਨਿਬੇੜਾ ਨਾ ਕੀਤਾ ਤਾਂ ਰੇਲਾਂ ਦਾ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਦਾ ਗੋਇੰਦਵਾਲ ਦੌਰਾ ਅੱਜ
ਤਰਨ ਤਾਰਨ (ਗੁਰਬਖਸ਼ਪੁਰੀ): ਗੋਇੰਦਵਾਲ ਸਾਹਿਬ ਵਿੱਚ 26 ਅਗਸਤ ਨੂੰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਕੀਤੇ ਜਾ ਰਹੇ ਸਮਾਗਮ ਲਈ ਪ੍ਰਸ਼ਾਸਨ ਵੱਲੋਂ ਪ੍ਰਬੰਧ ਕਰ ਲਏ ਗਏ ਹਨ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸਬੰਧੀ ਵਿਸ਼ਾਲ ਟੈਂਟ ਲਾਇਆ ਗਿਆ ਹੈ, ਜਿਸ ਵਿੱਚ 10 ਹਜ਼ਾਰ ਦੇ ਕਰੀਬ ਵਿਅਕਤੀਆਂ ਦੇ ਬੈਠਣ ਦੀ ਵਿਵਸਥਾ ਹੈ। ਸਮਾਗਮ ਵਿੱਚ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਨਾਲ ਸਬੰਧਤ ‘ਮਹਿਲਾ ਸਤਿਕਾਰ ਸਖੀਆਂ’ ਨੂੰ ਬੁਲਾਇਆ ਜਾ ਰਿਹਾ ਹੈ ਜਿਨ੍ਹਾਂ ਨੂੰ ਭਲਕੇ ਦਿੱਤਾ ਜਾਣ ਵਾਲਾ ਮਾਣਭੱਤਾ ਜਾਰੀ ਕੀਤਾ ਜਾਣਾ ਹੈ। ਇਨ੍ਹਾਂ ‘ਮਹਿਲਾ ਸਤਿਕਾਰ ਸਖੀਆਂ’ ਨੂੰ ਸਮਾਗਮ ਵਾਲੀ ਥਾਂ ’ਤੇ ਲਿਆਉਣ ਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਦੇ ਲਾਭਪਾਤਰੀਆਂ ਨੂੰ ਫਾਰਮ ਭਰਨ ਲਈ ਇਹ ਮਹਿਲਾ ਸਤਿਕਾਰ ਸਖੀਆਂ ਦੀ ਜ਼ਿੰਮੇਵਾਰੀ ਲਗਾਈ ਗਈ ਸੀ ਤੇ ਵਧੇਰੇ ਕਰਕੇ ਇਹ ਕੰਮ ਆਂਗਣਵਾੜੀ ਵਰਕਰਾਂ ਕੋਲੋਂ ਲਿਆ ਗਿਆ ਸੀ। ਤਰਨ ਤਾਰਨ ਜ਼ਿਲ੍ਹੇ ਅੰਦਰ ਇਨ੍ਹਾਂ ਮਹਿਲਾਂ ਸਤਿਕਾਰ ਸਾਖੀਆਂ ਦੀ ਕੁੱਲ ਗਿਣਤੀ 6100 ਹੈ। ਇਸ ਸਮਾਗਮ ਵਾਲੀ ਥਾਂ ਦਾ ਅੱਜ ਵੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਜਾਇਜ਼ਾ ਲਿਆ ਗਿਆ।

