ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 8 ਅਪਰੈਲ
ਪੰਜਾਬ ਦੇ ਬਿਜਲੀ ਤੇ ਪੀਡਬਲਿਊਡੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਥਾਨਕ ਦਾਣਾ ਮੰਡੀ ਵਿਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਫਸਲ ਦਾ ਤੁਰੰਤ ਭੁਗਤਾਨ ਕੀਤਾ ਜਾਵੇਗਾ ਤੇ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਸਰਕਾਰੀ ਖ਼ਰੀਦ ਦੇ ਪਹਿਲੇ ਦਿਨ ਜੰਡਿਆਲਾ ਗੁਰੂ ਦਾਣਾ ਮੰਡੀ ਵਿੱਚ ਕਰੀਬ 100 ਕੁਇੰਟਲ ਕਣਕ ਪਹੁੰਚੀ ਜੋ 2150 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕੀ।
ਜ਼ਿਲ੍ਹਾ ਪਠਾਨਕੋਟ ’ਚ ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਹੋਵੇਗੀ: ਕਟਾਰੂਚੱਕ
ਪਠਾਨਕੋਟ (ਪੱਤਰ ਪ੍ਰੇਰਕ): ਜ਼ਿਲ੍ਹਾ ਪਠਾਨਕੋਟ ਨੀਮ ਪਹਾੜੀ ਖੇਤਰ ਹੈ, ਇਸ ਲਈ ਇੱਥੇ ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਕੀਤੀ ਜਾਵੇਗੀ। ਇਹ ਐਲਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦਾਣਾ ਮੰਡੀ ਕਾਨਵਾਂ ਵਿੱਚ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਸ ਸਮੱਸਿਆ ਬਾਰੇ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੇ ਸਨ ਅਤੇ ਉਨ੍ਹਾਂ ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।