ਹਰਪਾਲ ਸਿੰਘ ਨਾਗਰਾ
ਫਤਿਹਗੜ੍ਹ ਚੂੜੀਆਂ, 16 ਫਰਵਰੀ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਬੇਗ ਸਿੰਘ ਠੱਠਾ ਦੀ ਅਗਵਾਈ ਹੇਠ ਤਹਿਸੀਲ ਦਫ਼ਤਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੂਬਾ ਆਗੂ ਸਵਿੰਦਰਪਾਲ ਮੋਹਲੋਵਾਲੀ ਨੇ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਮੰਨੀਆਂ ਮੰਗਾਂ ਨੂੰ ਮੋਦੀ ਸਰਕਾਰ ਲਾਗੂ ਨਹੀਂ ਕਰ ਰਹੀ ਅਤੇ ਯੂਪੀ ਦੇ ਮੰਤਰੀ ਅਜੇ ਮਿਸ਼ਰਾ ਟੈਣੀ ਦੇ ਬੇਟੇ ਨੂੰ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿਸਾਨਾਂ ’ਤੇ ਪਾਏ ਨਾਜਾਇਜ਼ ਕੇਸ ਰੱਦ ਕੀਤੇ ਜਾਣ, ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਹੋਰ ਮੰਨੀਆਂ ਮੰਗਾਂ ਲਾਗੂ ਕੀਤੀਆਂ ਜਾਣ।
ਸ੍ਰੀ ਹਰਗੋਬਿੰਦਪੁਰ (ਗੁਰਭੇਜ ਸਿੰਘ ਰਾਣਾ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਦਮਦਮਾ ਸਾਹਿਬ, ਜ਼ੋਨ ਮੀਰੀ ਪੀਰੀ, ਜ਼ੋਨ ਬਾਬਾ ਮੱਕਾ ਜੀ ਅਤੇ ਜ਼ੋਨ ਬਾਬਾ ਨਾਮਦੇਵ ਦੇ ਕਿਸਾਨਾਂ ਵੱਲੋਂ ਸਾਂਝੇ ਤੌਰ ’ਤੇ ਰੋਸ ਧਰਨਾ ਦਿੰਦਿਆਂ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। ਸੈਂਕੜੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਸ੍ਰੀ ਹਰਗੋਬਿੰਦਪੁਰ ਤੋਂ ਟਾਂਡਾ ਮਾਰਗ ’ਤੇ ਬਿਆਸ ਪੁਲ ਉੱਪਰ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ। ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖ਼ਾਨਪੁਰ, ਜ਼ੋਨ ਪ੍ਰਧਾਨ ਹਰਦੀਪ ਸਿੰਘ ਫ਼ੌਜੀ, ਜ਼ੋਨ ਪ੍ਰਧਾਨ ਮਾ. ਗੁਰਜੀਤ ਸਿੰਘ ਬੱਲੜਵਾਲ, ਜ਼ੋਨ ਪ੍ਰਧਾਨ ਹਰਜੀਤ ਸਿੰਘ ਲੀਲ੍ਹ ਕਲਾਂ, ਜ਼ੋਨ ਪ੍ਰਧਾਨ ਸਤਨਾਮ ਸਿੰਘ ਮਧਰਾ ਤੇ ਅਸ਼ੋਕ ਵਰਧਨ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਦਾ ਕਿਸਾਨਾਂ ਪ੍ਰਤੀ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤਿੱਖਾ ਕੀਤਾ ਜਾਵੇਗਾ।
ਅਜਨਾਲਾ (ਸੁਖਦੇਵ ਸਿੰਘ): ਇੱਥੇ ਐੱਸਡੀਐੱਮ ਦਫ਼ਤਰ ਦੇ ਬਾਹਰ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨਦੇ ਆਗੂ ਵਿਜੇ ਸ਼ਾਹ ਧਾਰੀਵਾਲ, ਕਾਬਲ ਸਿੰਘ ਛੀਨਾ ਤੇ ਕਸ਼ਮੀਰ ਸਿੰਘ ਧੰਗਈ ਨੇ ਦੱਸਿਆ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਗਏ ਸਮਝੌਤੇ ਤੋਂ ਪਿੱਛੇ ਹਟ ਰਹੀ ਹੈ ਤੇ ਕਿਸਾਨਾਂ ਨਾਲ ਕੀਤਾ ਜਾ ਰਿਹਾ ਵਿਸਵਾਸ਼ਘਾਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਉਪਰੰਤ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਜੈਂਤੀਪੁਰ (ਜਗਤਾਰ ਸਿੰਘ ਛਿੱਤ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ੋਨ ਮਜੀਠਾ, ਬਾਬਾ ਬੁੱਢਾ ਜੀ, ਕੱਥੂਨੰਗਲ, ਟਾਹਲੀ ਸਾਹਿਬ ਜ਼ੋਨ ਦੇ ਪ੍ਰਧਾਨ ਮੁਖਤਾਰ ਸਿੰਘ ਭੰਗਵਾ ਦੀ ਅਗਵਾਈ ਹੇਠ ਸੈਂਕੜੇ ਪਿੰਡਾਂ ਵਿੱਚ ਕਿਸਾਨਾਂ-ਮਜ਼ਦੂਰਾਂ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਆਗੂਆਂ ਨੇ ਦੱਸਿਆ ਕਿ ਅੱਜ ਅੱਡਾ ਮਜੀਠਾ, ਹਮਜ਼ਾ, ਵੰਡਾਲਾ, ਕੱਥੂਨੰਗਲ, ਤਲਵੰਡੀ ਦੋਸੰਧਾ, ਭੰਗਾਲੀ, ਤਲਵੰਡੀ ਖੁਮਣ, ਅਬਦਾਲ, ਝੰਡੇ, ਵਰਿਆਮ ਨੰਗਲ, ਉਦੋਕੇ ਅਤੇ ਬੱਗਾ ਵਿੱਚ ਵੱਡੇ ਇਕੱਠ ਕਰ ਕੇ ਪੁਤਲੇ ਫੂਕੇ ਗਏ।