ਪਾਲ ਸਿੰਘ ਨੌਲੀ
ਜਲੰਧਰ, 22 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਅਤੇ 2022 ਦੀਆਂ ਚੋਣਾਂ ਲਈ ਐਲਾਨੇ ਉਮੀਦਵਾਰਾਂ ਨੇ ਇਕਜੁੱਟ ਹੁੰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਬਦਲਾਖੋਰੀ ਦੀ ਨੀਤੀ ਤਹਿਤ ਹੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਿਆਂ ਦਾ ਝੂਠਾ ਕੇਸ ਦਰਜ ਕੀਤਾ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ਨਕੋਦਰ ਹਲਕੇ ਤੋਂ ਵਿਧਾਇਕ ਅਤੇ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ, ਆਦਮਪੁਰ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕੁਲਵੰਤ ਸਿੰਘ ਮੰਨਣ, ਪਾਰਟੀ ਉਮੀਦਵਾਰ ਜਗਬੀਰ ਸਿੰਘ ਬਰਾੜ ਅਤੇ ਚੰਦਨ ਗਰੇਵਾਲ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਇਸ ਦਾ ਡੱਟ ਕੇ ਮੁਕਾਬਲਾ ਕਰੇਗਾ ਤੇ ਕਾਂਗਰਸ ਦੇ ਦਬਾਅ ਹੇਠ ਨਹੀਂ ਆਏਗਾ। ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਕਾਫੀ ਚਿਰ ਤੋਂ ਸਾਜ਼ਿਸ਼ਾਂ ਕਰ ਰਹੀ ਸੀ ਕਿ ਬਿਕਰਮ ਸਿੰਘ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਤਿੰਨ ਡੀਜੀਪੀਜ਼ ਨੇ ਝੂਠਾ ਕੇਸ ਦਰਜ ਕਰਨ ਤੋਂ ਨਾਂਹ ਕਰ ਦਿੱਤੀ ਸੀ ਤੇ ਨਵੇਂ ਲਿਆਂਦੇ ਗਏ ਡੀਜੀਪੀ ਨੇ ਦਬਾਅ ਹੇਠ ਇਹ ਕੇਸ ਦਰਜ ਕੀਤਾ ਹੈ। ਇਸ ਮੌਕੇ ਜਲੰਧਰ ਉੱਤਰੀ ਤੋਂ ਵਿਧਾਇਕ ਕੁਲਦੀਪ ਸਿੰਘ ਲੁਬਾਣਾ, ਕਰਤਾਰਪੁਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਬਲਵਿੰਦਰ ਕੁਮਾਰ, ਸ਼ਾਹਕੋਟ ਤੋਂ ਉਮੀਦਵਾਰ ਬਚਿੱਤਰ ਸਿੰਘ, ਸਾਬਕਾ ਮੇਅਰ ਸੁਰੇਸ਼ ਸਹਿਗਲ ਅਤੇ ਹੋਰ ਵਰਕਰ ਹਾਜ਼ਰ ਸਨ।
ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ: ਘੁਮਾਣ
ਬਟਾਲਾ(ਦਲਵੀਰ ਸੱਖੋਵਾਲੀਆ): ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਨੇ ਇੱਥੇ ਦੱਸਿਆ ਕਿ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪਰਚਾ ਸਿਆਸੀ ਬਦਲਾਖੋਰੀ ਤਹਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਝੂਠਾ ਪਰਚਾ ਦਰਜ ਕੀਤੇ ਜਾਣ ’ਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਜਿਥੇ ਪੂਤਲੇ ਫੂਕੇ ਜਾਣਗੇ, ਉਥੇ ਹੀ ਇਨ੍ਹਾਂ ਮੰਤਰੀਆਂ ਦਾ ਘਿਰਾਓ ਵੀ ਕੀਤਾ ਜਾਵੇਗਾ। ਸ੍ਰੀ ਘੁਮਾਣ ਨੇ ਇਸ ਨੂੰ ਸਰਕਾਰ ਦੀ ਬੌਖਲਾਹਟ ਦੀ ਨਿਸ਼ਾਨੀ ਕਰਾਰ ਦਿੰਦਿਆਂ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਗ਼ਲਤ ਪਿਰਤ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ,ਰੇ ਤ ਮਾਫੀਆ, ਨਸ਼ੇ ਅਤੇ ਹੋਰ ਅਲਾਮਤਾਂ ਜਿਉਂ ਦੀਆਂ ਤਿਉਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਝੂਠੇ ਪਰਚਿਆਂ ਤੋਂ ਡਰਨ ਵਾਲਾ ਨਹੀਂ ਹੈ।