ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 14 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬ੍ਰਹਮਪੁਰਾ ਵਿੱਚ ਸੇਜਲ ਅੱਖਾਂ ਨਾਲ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦਾ ਬੀਤੇ ਦਿਨ ਸੰਖੇਪ ਬਿਮਾਰੀ ਮਗਰੋਂ ਪੀਜੀਆਈ ਚੰਡੀਗੜ੍ਹ ਵਿੱਚ ਦੇਹਾਂਤ ਹੋ ਗਿਆ ਸੀ।
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦਿਖਾਈ। ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਅੰਤਿਮ ਵਿਦਾਇਗੀ ਦੇਣ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪ੍ਰੇਮ ਸਿੰਘ ਚੰਦੂਮਾਜਰਾ, ਵਿਰਸਾ ਸਿੰਘ ਵਲਟੋਹਾ, ਅਨਿਲ ਕੁਮਾਰ ਜੋਸ਼ੀ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ, ਕਾਂਗਰਸ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਖਵਾਸਪੁਰ ਸਮੇਤ ਕਈ ਹੋਰ ਆਗੂ ਹਾਜ਼ਰ ਸਨ। ਸੁਖਬੀਰ ਬਾਦਲ ਨੇ ਆਖਿਆ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਸਨ, ਜਿਨ੍ਹਾਂ ਦੇ ਜਾਣ ਨਾਲ ਸਮੁੱਚੇ ਅਕਾਲੀ ਦਲ ਅਤੇ ਮਾਝਾ ਖੇਤਰ ਨੂੰ ਵੱਡਾ ਘਾਟਾ ਪਿਆ ਹੈ। ਇਸ ਮੌਕੇ ਸੁਖਬੀਰ, ਮਜੀਠੀਆ ਅਤੇ ਹੋਰ ਆਗੂਆਂ ਨੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਦੇਹ ‘ਤੇ ਸਿਰੋਪਾਓ ਅਤੇ ਦੁਸ਼ਾਲਾ ਭੇਟ ਕਰਕੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਜਥੇਦਾਰ ਬ੍ਰਹਮਪੁਰਾ ਦੇ ਸਸਕਾਰ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।