ਹਤਿੰਦਰ ਮਹਿਤਾ
ਜਲੰਧਰ, 23 ਜਨਵਰੀ
ਕਮਿਸ਼ਨਰੇਟ ਪੁਲੀਸ ਨੇ ਪੈਟਰੋਲ ਪੰਪ ਦੇ ਮੇਨੇਜਰ ਨੂੰ ਗੋਲੀ ਮਾਰ ਕੇ ਪੈਸਿਆਂ ਵਾਲਾ ਬੈਗ ਖੋਹਣ ਦੇ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 2 ਲੱਖ ਰੁਪਏ ਬਰਾਮਦ ਕੀਤੇ ਹਨ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ, ਭੋਗਪੁਰ ਨੇੜੇ ਪੈਟਰੋਲ ਪੰਪ ਅਤੇ ਦੂਜੀ ਐੱਚ.ਐੱਮ.ਵੀ. ਕਾਲਜ ਨੇੜੇ ਲੁੱਟ ਦੀਆਂ ਦੋ ਘਟਨਾਵਾਂ ਦੀ ਜਾਂਚ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਆਦਮਪੁਰ ਪੁਲੀਸ ਸਟੇਸ਼ਨ ਅਤੇ ਥਾਣਾ ਡਿਵੀਜ਼ਨ ਨੰਬਰ 2 ਜਲੰਧਰ ਵਿੱਚ ਐੱਫਆਈਆਰਜ਼ ਦਰਜ ਕੀਤੀਆਂ ਸਨ। ਸਵਪਨ ਸ਼ਰਮਾ ਨੇ ਦੱਸਿਆ ਕਿ ਤਿੰਨ ਨੌਜਵਾਨਾਂ ਮਨਪ੍ਰੀਤ ਸਿੰਘ ਉਰਫ ਮੰਨੀ, ਨਿਤੀਸ਼ ਮਹੇ ਉਰਫ ਨੀਤੀ ਅਤੇ ਵਿਵੇਕ, ਜਿਨ੍ਹਾਂ ਵਿੱਚੋਂ ਵਿਵੇਕ ਨਾਬਾਲਗ ਸੀ, ਨੂੰ ਸ਼ਿਮਲਾ ਦੇ ਇਕ ਹੋਟਲ ਤੋਂ ਗ੍ਰਿਫਤਾਰ ਕੀਤਾ ਗਿਆ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਬਾਅਦ ’ਚ ਪੁਲੀਸ ਨੇ ਇਸ ਮਾਮਲੇ ’ਚ ਸ਼ਾਮਲ ਨਵਾਬ ਸਿੰਘ ਅਤੇ ਸੁਰੇਸ਼ ਵਾਜਪਾਈ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਕੋਲੋਂ 10 ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਲੁੱਟ ਦੀ 2 ਲੱਖ ਰੁਪਏ ਦੀ ਨਕਦੀ ਸਮੇਤ ਵਾਰਦਾਤ ’ਚ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਇੱਕ ਪਿਸਤੌਲ ਸਮੇਤ ਮੈਗਜ਼ੀਨ ਅਤੇ ਰੌਂਦ ਬਰਾਮਦ ਹੋਇਆ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।