ਜੰਡਿਆਲਾ ਗੁਰੂ ਵਿੱਚ ਪੁਲੀਸ ਅਤੇ ਅਰਧ ਸੈਨਿਕ ਬਲਾਂ ਦੀਆਂ ਟੀਮਾਂ ਵੱਲੋਂ ਫਲੈਗ ਮਾਰਚ
ਦਸਹਿਰੇ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਅਤੇ ਸਦਭਾਵਨਾਪੂਰਨ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਅੱਜ ਸਥਾਨਕ ਕਸਬੇ ਵਿੱਚ ਪੁਲੀਸ ਪ੍ਰਸ਼ਾਸਨ ਅਤੇ ਅਰਧ ਸੈਨਿਕ ਬਲਾਂ ਦੀਆਂ ਟੀਮਾਂ ਵੱਲੋਂ ਸਾਂਝਾ ਫਲੈਗ ਮਾਰਚ ਕੱਢਿਆ ਗਿਆ। ਡੀਐਸਪੀ ਜੰਡਿਆਲਾ ਗੁਰੂ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਫੋਰਸ, ਪੰਜਾਬ ਪੁਲੀਸ ਸਪੈਸ਼ਲ ਯੂਨਿਟ ਅਤੇ ਅਰਧ ਸੈਨਿਕ ਬਲਾਂ ਨੇ ਮੁੱਖ ਬਾਜ਼ਾਰ, ਰਿਹਾਇਸ਼ੀ ਇਲਾਕਿਆਂ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਮਾਰਚ ਕੀਤਾ। ਐਸਐਚਓ ਮੁਖਤਿਆਰ ਸਿੰਘ ਨੇ ਕਿਹਾ ਕਿ ਪੁਲੀਸ ਅਧਿਕਾਰੀਆਂ ਵੱਲੋਂ ਇਹ ਫਲੈਗ ਮਾਰਚ ਕਰਕੇ ਜਨਤਾ ਨੂੰ ਭਰੋਸਾ ਦਿੱਤਾ ਹੈ ਕਿ ਦਸਹਿਰੇ ਲਈ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਅਫਵਾਹ 'ਤੇ ਧਿਆਨ ਨਹੀਂ ਦੇਣਾ ਚਾਹੀਦਾ। ਉਨ੍ਹਾਂ ਕਿਹਾ ਫਲੈਗ ਮਾਰਚ ਦਾ ਉਦੇਸ਼ ਜਨਤਾ ਵਿੱਚ ਵਿਸ਼ਵਾਸ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸੰਦੇਸ਼ ਦੇਣਾ ਸੀ। ਪੁਲੀਸ ਪ੍ਰਸ਼ਾਸਨ ਨੇ ਕਿਹਾ ਦੁਸਹਿਰੇ 'ਤੇ ਵੱਖ-ਵੱਖ ਥਾਵਾਂ 'ਤੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਗਏ ਹਨ।