ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 17 ਜਨਵਰੀ
ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਨੇ ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ ਹੈ। ਪਿੰਡ ਘਸੀਟਪੁਰ ਵਿਖੇ ਹੋਏ ਇਕੱਠ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਇਸ ਮੌਕੇ ਸ੍ਰੀ ਬਾਦਲ ਵੱਲੋ ਮਨਜੀਤ ਸਿੰਘ ਘਸੀਟਪੁਰਾ ਨੂੰ ਪਾਰਟੀ ਵਿੱਚ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ। ਸ੍ਰੀ ਘਸੀਟਪੁਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਨਮੋਸ਼ੀ ਭਰੀ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਉਸ ਨੇ ਕਾਂਗਰਸ ਨੂੰ ਅਲਵਿਦਾ ਕਿਹਾ ਹੈ। ਇਸ ਮੌਕੇ ਬਿਕਰਮ ਸਿੰਘ ਮਜੀਠੀਆ, ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ, ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ, ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਮੌਜੂਦ ਸਨ।
ਕੇਂਦਰੀ ਏਜੰਸੀਆਂ ਕਿਸਾਨ ਅੰਦੋਲਨ ਨੂੰ ਮੱਠਾ ਨਹੀਂ ਕਰ ਸਕਦੀਆਂ: ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕੇਂਦਰੀ ਏਜੰਸੀਆਂ ਰਾਹੀਂ ਸਰਕਾਰ ਕਿਸਾਨ ਅੰਦੋਲਨ ਨੂੰ ਮੱਠਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਦੀ ਕਾਰਵਾਈ ਕਿਸਾਨ ਅੰਦੋਲਨ ਨੂੰ ਮੱਠਾ ਨਹੀਂ ਪਾ ਸਕਦੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਈ ਹੱਥਕੰਡੇ ਵਰਤ ਕੇ ਕਿਸਾਨ ਆਗੂਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਮੰਦਭਾਗਾ ਹੈ।