ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਵਾਰਿਸ ਪੰਜਾਬ ’ਚ ਸ਼ਾਮਲ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਵੱਲੋਂ ਆਗੂਆਂ ਦਾ ਸਵਾਗਤ
ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ। ਅੰਮ੍ਰਿਤਸਰ ਪ੍ਰੈੱਸ ਕਲੱਬ ਵਿੱਚ ਹੋਈ ਪ੍ਰੈੱਸ ਕਾਨਫ਼ਰੰਸ ਦੌਰਾਨ ਪਾਰਟੀ ਆਗੂਆਂ ਵੱਲੋਂ ਇਸ ਦਾ ਖੁਲਾਸਾ ਕੀਤਾ ਗਿਆ। ਇਹ ਸ਼ਮੂਲੀਅਤ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਤਰਸੇਮ ਸਿੰਘ ਦੀ ਅਗਵਾਈ ਹੇਠ ਹੋਈ। ਤਰਸੇਮ ਸਿੰਘ ਨੇ ਕਿਹਾ ਕਿ ਜਿਹੜੇ ਲੋਕ ਪੰਜਾਬ ਦੇ ਹਿੱਤਾਂ, ਪੰਥਕ ਸਿਧਾਂਤਾਂ ਅਤੇ ਲੋਕਾਂ ਦੀ ਆਵਾਜ਼ ਲਈ ਇਮਾਨਦਾਰੀ ਨਾਲ ਸੰਘਰਸ਼ ਕਰਨਾ ਚਾਹੁੰਦੇ ਹਨ, ਪਾਰਟੀ ਦੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਡਾ. ਦਲਬੀਰ ਸਿੰਘ ਵੇਰਕਾ ਅਤੇ ਬਿਕਰਮਜੀਤ ਸਿੰਘ ਕੋਟਲਾ ਵਰਗੇ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲੇਗੀ। ਡਾ. ਦਲਬੀਰ ਸਿੰਘ ਵੇਰਕਾ ਅਤੇ ਬਿਕਰਮਜੀਤ ਸਿੰਘ ਕੋਟਲਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਅਤੇ ਪੰਥ ਦੇ ਹਿੱਤਾਂ ਨੂੰ ਪਹਿਲ ਦੇਣ ਦੇ ਮੰਤਵ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪੰਜਾਬ ਦੇ ਹੱਕਾਂ ਲਈ ਹਰ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਉਣਗੇ। ਪ੍ਰੈੱਸ ਕਾਨਫ਼ਰੰਸ ਦੌਰਾਨ ਪਾਰਟੀ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਆਗੂਆਂ ਦਾ ਨਿੱਘਾ ਸਵਾਗਤ ਕਰਦਿਆਂ ਇਸ ਸ਼ਮੂਲੀਅਤ ਨੂੰ ਪਾਰਟੀ ਲਈ ਅਹਿਮ ਅਤੇ ਇਤਿਹਾਸਕ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਭਰ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਹੋਰ ਵੱਡਾ ਜਨ ਸਮਰਥਨ ਮਿਲੇਗਾ।

