ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਫਰਾਂਸ ਅਤੇ ਪਾਕਿਸਤਾਨ ਅਧਾਰਤ ਹਥਿਆਰ ਤਸਕਰੀ ਗਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕਰਦਿਆਂ ਇਸ ਮਾਮਲੇ ਵਿੱਚ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਚਾਰ ਪਿਸਤੌਲਾਂ, ਗੋਲੀਆਂ, ਮੋਬਾਈਲ ਫੋਨ ਅਤੇ ਸਕੂਟਰ ਬਰਾਮਦ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸਵਰਾਜ, ਅਰਸ਼ਦੀਪ ਸਿੰਘ, ਗੁਲਾਬ ਸਿੰਘ, ਗੌਰਵ ਵਜੋਂ ਹੋਈ ਹੈ। ਇਹ ਸਾਰੇ ਹੀ ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਤ ਹਨ। ਐੱਸਐੱਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਡੀਐੱਸਪੀ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਸਪੈਸ਼ਲ ਸੈੱਲ ਦਿਹਾਤੀ ਪੁਲੀਸ ਨੇ ਫਰਾਂਸ ਅਤੇ ਪਾਕਿਸਤਾਨ ਅਧਾਰਤ ਹਥਿਆਰ ਤਸਕਰੀ ਗਰੋਹ ਨੂੰ ਬੇਨਕਾਬ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਵਟਸਐਪ ਰਾਹੀਂ ਪਾਕਿਸਤਾਨ ਅਤੇ ਫਰਾਂਸ ਅਧਾਰਤ ਹਥਿਆਰ ਤਸਕਰਾਂ ਨਾਲ ਸਿੱਧੇ ਰੂਪ ਵਿੱਚ ਜੁੜੇ ਹੋਏ ਸਨ। ਥਾਣਾ ਲੋਪੋਕੇ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਪੰਜ ਵਿਦੇਸ਼ੀ ਹਥਿਆਰਾਂ ਸਣੇ ਕਾਬੂ
ਤਰਨ ਤਾਰਨ (ਗੁਰਬਖਸ਼ਪੁਰੀ): ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਨੇ ਬੀਤੀ ਰਾਤ ਇਲਾਕੇ ਅੰਦਰ ਗਸ਼ਤ ਕਰਦਿਆਂ ਪਿੰਡ ਨੌਸ਼ਹਿਰਾ ਢਾਲਾ ਤੋਂ ਇੱਕ ਵਿਅਕਤੀ ਨੂੰ ਪੰਜ ਵਿਦੇਸ਼ੀ ਪਿਸਤੌਲ ਨਾਲ ਗ੍ਰਿਫ਼ਤਾਰ ਕੀਤਾ। ਹਾਲਾਂਕਿ, ਉਸ ਦਾ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ| ਐੱਸਐੱਸਪੀ ਦੀਪਕ ਪਾਰਿਕ ਨੇ ਅੱਜ ਇਥੇ ਦੱਸਿਆ ਕਿ ਥਾਣਾ ਮੁਖੀ ਇੰਸਪੈਕਟਰ ਅਮਰੀਕ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਪਿੰਡ ਨੌਸ਼ਹਿਰਾ ਢਾਲਾ ਤੋਂ ਮੋਟਰਸਾਈਕਲ ਸਵਾਰ ਦੋ ਜਣਿਆਂ ਵਿੱਚੋਂ ਸੁਰਜੀਤ ਸਿੰਘ ਵਾਸੀ ਭੈਣੀ ਰਾਜਪੂਤਾਂ ਨੂੰ ਨਜਾਇਜ਼ ਅਸਲੇ ਸਮੇਤ ਗ੍ਰਿਫਤਾਰ ਕੀਤਾ ਹੈ, ਜਦਕਿ ਉਸ ਦਾ ਅਕਾਸ਼ਦੀਪ ਸਿੰਘ ਬੋਲਾ ਫ਼ਰਾਰ ਹੋ ਗਿਆ।