ਨਿੱਜੀ ਪੱਤਰ ਪ੍ਰੇਰਕ
ਬਟਾਲਾ, 29 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਹਲਕਾ ਬਟਾਲਾ ਦੇ 32 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜੂਨੀਅਰ ਅਤੇ ਸੀਨੀਅਰ ਵਰਗ ਦੇ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਜੇਤੂਆਂ ਨੂੰ ਨਕਦ ਇਨਾਮ ਅਤੇ ਦਸਤਾਰ ਅਤੇ ਸਨਮਾਨ ਚਿੰਨ੍ਹ ਨਾਲ ਜਿੱਥੇ ਸਨਮਾਨਿਤ ਕੀਤਾ ਗਿਆ, ਉਥੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਗਿਆ। ਇਹ ਮੁਕਾਬਲੇ ਗੁਰੂ ਕਾ ਬਾਗ ਮੋਰਚਾ ਅਤੇ ਸਾਕਾ ਪੰਜਾ ਸਾਹਿਬ (ਪਾਕਿਸਤਾਨ) ਦੇ 100 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਨ। ਐੱਸਜੀਪੀਸੀ ਦੇ ਹਲਕਾ ਬਟਾਲਾ ਤੋਂ ਮੈਂਬਰ ਅਤੇ ਕਾਰਜਕਾਰੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਦੱਸਿਆ ਕਿ ਜੂਨੀਅਰ ਵਿੰਗ ’ਚ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਗੁਰਸਿਮਰਨ ਸਿੰਘ ਪਹਿਲਾ ਸਥਾਨ, ਸੈਂਟ ਸੋਲਜਰ ਸਕੂਲ ਬਹਾਦਰ ਹੂਸੈਨ ਦੇ ਤਨਵੀਰ ਸਿੰਘ ਦੂਸਰਾ ਸਥਾਨ ਅਤੇੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਸਾਹਿਬਜੀਤ ਸਿੰਘ ਤੀਸਰਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਸੀਨੀਅਰ ਵਿੰਗ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਸਰਜਾ ਦੇ ਗਗਨਪ੍ਰੀਤ ਸਿੰਘ ਪਹਿਲਾ ਸਥਾਨ, ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਂਦੀਆਂ ਦੇ ਸੁਪਨਦੀਪ ਸਿੰਘ ਨੇ ਦੂਸਰਾ ਸਥਾਨ ਅਤੇ ਓਲੰਪੀਅਨ ਸਿਮਰਨਜੀਤ ਸਿੰਘ ਸਰਕਾਰੀ ਹਾਈ ਸਕੂਲ ਚਾਹਲ ਕਲਾਂ ਦੇ ਤਰਨਦੀਪ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੀਤ ਮੈਨੇਜਰ ਗੁਰਤਿੰਦਰ ਪਾਲ ਸਿੰਘ ਭਾਟੀਆ, ਜ਼ਿਲ੍ਹਾ ਪਰਿਸ਼ਦ ਦੇੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ, ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਰਮਨਦੀਪ ਸਿੰਘ ਸੰਧੂ, ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਸਮੇਤ ਹੋਰ ਹਾਜ਼ਰ ਸਨ। ਜੱਜ ਦੀ ਭੂਮਿਕਾ ਅਰਸ਼ਪ੍ਰੀਤ ਸਿੰਘ, ਨਵਪ੍ਰੀਤ ਸਿੰਘ ਪ੍ਰਿੰਸ ਅਤੇ ਗੁਰਪ੍ਰੀਤ ਸਿੰਘ ਕੋਠਾ ਨੇ ਨਿਭਾਈ।