ਕੇ.ਪੀ ਸਿੰਘ
ਗੁਰਦਾਸਪੁਰ, 6 ਫਰਵਰੀ
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲੀਸ ਵੱਲੋਂ ਲੋੜੀਂਦੇ ਗੈਂਗਸਟਰ ਸੁੱਖ ਭਿਖਾਰੀਵਾਲ ਨੂੰ ਗੁਰਦਾਸਪੁਰ ਦੀ ਪੁਲੀਸ ਦਿੱਲੀ ਤੋਂ ਪ੍ਰੋਡਕਸ਼ਨ ਵਰੰਟ ’ਤੇ ਲੈ ਕੇ ਆਈ ਹੈ । ਗੁਰਦਾਸਪੁਰ ਪੁਲੀਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਸੰਨ 2018 ਵਿੱਚ ਦਰਜ ਇਰਾਦਾ ਕਤਲ ਅਤੇ ਫਿਰੌਤੀ ਮੰਗਣ ਦੇ ਇੱਕ ਮਾਮਲੇ ਵਿੱਚ ਕੀਤੀ ਗਈ ਹੈ । ਐੱਸਐੱਸਪੀ ਗੁਰਦਾਸਪੁਰ ਡਾ. ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਉਸ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸੁਖਮੀਤ ਸਿੰਘ ਉਰਫ਼ ਸੁੱਖ ਭਿਖਾਰੀਵਾਲ ਬੀਤੇ ਕਈ ਸਾਲਾਂ ਤੋਂ ਦੁਬਈ ਵਿੱਚ ਲੁਕ ਕੇ ਰਹਿ ਰਿਹਾ ਸੀ । ਬੀਤੇ ਸਾਲ 16 ਅਕਤੂਬਰ ਨੂੰ ਤਰਨ ਤਾਰਨ ਜ਼ਿਲ੍ਹੇ ਵਿੱਚ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਕੁਝ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਪੁੱਛਗਿੱਛ ਮਗਰੋਂ ਸੁੱਖ ਨੂੰ ਇਸ ਮਾਮਲੇ ਵਿੱਚ ਮੁੱਖ ਭੂਮਿਕਾ ਨਿਭਾਉਣ ਦੀ ਗੱਲ ਸਾਹਮਣੇ ਆਉਣ ਮਗਰੋਂ ਦੁਬਈ ਤੋਂ ਕਾਬੂ ਕੀਤਾ ਗਿਆ ਸੀ ।