ਗੁਰਬਖਸ਼ਪੁਰੀ
ਤਰਨ ਤਾਰਨ, 26 ਜੁਲਾਈ
ਪੰਜਾਬ ਰੋਡਵੇਜ਼ ਪਨਬੱਸ-ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਥਾਨਕ ਡਿੱਪੂ ਬਰਾਂਚ ਵੱਲੋਂ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਮੇਤ ਹੋਰ ਮੰਗਾਂ ਨਾ ਮੰਨੇ ਜਾਣ ਖ਼ਿਲਾਫ਼ ਰੋਸ ਵਿਖਾਵਾ ਕਰਦਿਆਂ ਅੱਜ ਇੱਥੇ ਗੇਟ ਰੈਲੀ ਕੀਤੀ ਗਈ। ਜਥੇਬੰਦੀ ਦੇ ਡਿੱਪੂ ਪ੍ਰਧਾਨ ਸਤਨਾਮ ਸਿੰਘ ਤੁੜ ਦੀ ਅਗਵਾਈ ਵਿੱਚ ਕੀਤੀ ਗੇਟ ਰੈਲੀ ਵਿੱਚ ਸ਼ਾਮਲ ਪਨਬਸ ਮੁਲਾਜ਼ਮਾਂ ਨੂੰ ਰਵਿੰਦਰਜੋਤ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਧਰਮਿੰਦਰ ਸਿੰਘ, ਪ੍ਰਭਜੀਤ ਸਿੰਘ ,ਸਰਵਨ ਸਿੰਘ, ਜਸਵੰਤ ਸਿੰਘ ਅਤੇ ਸੁਖਜਿੰਦਰ ਸਿੰਘ ਨੇ ਸੰਬੋਧਨ ਕੀਤਾ| ਬੁਲਾਰਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ’ਤੇ ਕਾਬਜ਼ ਹੁੰਦਿਆਂ ਹੀ ਲੋਕਾਂ ਨਾਲ ਕੀਤੇ ਵਾਅਦੇ ਵਿਸਾਰ ਬੈਠੀ ਹੈ| ਬੁਲਾਰਿਆਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਡਰਾਮੇ ਤੋਂ ਵੱਧ ਕੁਝ ਵੀ ਨਹੀਂ ਹੈ।
ਬੁਲਾਰਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਾਂ ਦੇ ਮੰਨੇ ਜਾਣ ਸਬੰਧੀ ਕੀਤੇ ਐਲਾਨਾਂ ਨੂੰ ਕੋਰਾ ਝੂਠ ਦੱਸਿਆ| ਆਗੂਆਂ ਕਿਹਾ ਕਿ ਸਰਕਾਰ ਦੀ ਟਰਾਂਸਪੋਰਟ ਨੀਤੀ ਟਰਾਂਸਪੋਰਟ ਮਾਫੀਆ ਖਤਮ ਕਰਨ ਦੀ ਬਜਾਏ ਸਰਕਾਰੀ ਖਜ਼ਾਨੇ ਨੂੰ ਛੇ ਸਾਲਾਂ ਵਿੱਚ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਦੇ ਰਾਹ ਚਲ ਰਹੀ ਹੈ|
ਆਦਮਪੁਰ ਦੋਆਬਾ (ਹਤਿੰਦਰ ਮਹਿਤਾ): ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਸਾਰੇ ਡਿੱਪੂਆਂ ’ਤੇ ਗੇਟ ਰੈਲੀਆਂ ਕੀਤੀਆਂ ਗਈਆਂ। ਡਿੱਪੂ ਜਲੰਧਰ ਵਿੱਚ ਗੇਟ ਰੈਲੀ ਦੌਰਾਨ ਸੂਬਾ ਮੀਤ ਪ੍ਰਧਾਨ ਦਲਜੀਤ ਸਿੰਘ, ਗੁਰਪ੍ਰੀਤ ਸਿੰਘ ਭੁੱਲਰ, ਸੱਤਪਾਲ ਸਿੰਘ ਸੱਤਾ, ਰਣਜੀਤ ਸਿੰਘ ਤੇ ਚਾਨਣ ਸਿੰਘ ਦੱਸਿਆ ਕਿ ਉਹ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਵਿੱਚ ਪਿਛਲੇ ਲੰਬੇ ਸਮੇਂ ਤੋਂ ਆਊਟਸੋਰਸ ਅਤੇ ਕੰਟਰੈਕਟ ’ਤੇ ਸੇਵਾ ਪ੍ਰਦਾਨ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।