ਹਰਪ੍ਰੀਤ ਕੌਰ
ਹੁਸ਼ਿਆਰਪੁਰ, 2 ਸਤੰਬਰ
ਪੰਜਾਬ ਰੋਡਵੇਜ਼ ਪਨਬਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਦੇ 27 ਡਿੱਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ। ਇਸੇ ਕੜੀ ’ਚ ਹੁਸ਼ਿਆਰਪੁਰ ਡਿੱਪੂ ਦੇ ਬਾਹਰ ਵੀ ਗੇਟ ਰੈਲੀ ਕੀਤੀ ਗਈ।
ਰੈਲੀ ਦੌਰਾਨ ਯੂਨੀਅਨ ਦੇ ਪ੍ਰਧਾਨ ਰਮਿੰਦਰ ਸਿੰਘ ਨੇ ਕਿਹਾ ਕਿ ਇਕ ਪਾਸੇ ਸਰਕਾਰ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਗੱਲ ਕਰ ਰਹੀ ਹੈ ਤੇ ਦੂਜੇ ਪਾਸੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਤੋਂ ਵੀ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ’ਚ ਸਰਕਾਰ ਜਾਣ-ਬੁੱਝ ਕੇ ਟਾਲਮਟੋਲ ਕਰ ਰਹੀ ਹੈ।
ਡਿੱਪੂ ਦੇ ਉਪ ਪ੍ਰਧਾਨ ਧਰਮਿੰਦਰ ਸਿੰਘ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਦੀ ਜ਼ਰੂਰਤ ਮੁਤਾਬਿਕ ਸਰਕਾਰੀ ਬੱਸਾਂ ਦੀ ਗਿਣਤੀ ਵਧਾਈ ਜਾਵੇ ਤੇ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦਿੱਤਾ ਜਾਵੇ। ਦਵਿੰਦਰ ਸਿੰਘ ਨੇ ਕਿਹਾ ਕਿ ਵਿਭਾਗਾਂ ਦੇ ਉਚ ਅਧਿਕਾਰੀ ਵੀ ਸਰਕਾਰ ਨਾਲ ਮਿਲੀਭੁਗਤ ਕਰ ਕੇ ਕੱਚੇ ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੇ ਹਨ। ਉਨ੍ਹਾਂ ਦੱਸਿਆ ਕਿ ਯੂਨੀਅਨ ਨੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿੱਚ ਧਰਨਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ 13 ਸਤੰਬਰ ਨੂੰ ਪਨਸਪ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿੱਚ ਧਰਨਾ ਦਿੱਤਾ ਜਾਵੇਗਾ ਅਤੇ 20 ਸਤੰਬਰ ਨੂੰ ਟਰਾਂਸਪੋਰਟ ਮੰਤਰੀ ਦੀ ਕੋਠੀ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਸੁਣਵਾਈ ਨਾ ਹੋਈ ਤਾਂ 27, 28 ਤੇ 29 ਸਤੰਬਰ ਨੂੰ ਸੂਬਾ ਪੱਧਰੀ ਹੜਤਾਲ ਕਰਕੇ ਚੱਕਾ ਜਾਮ ਕੀਤਾ ਜਾਵੇਗਾ।
ਪਠਾਨਕੋਟ (ਐੱਨ.ਪੀ. ਧਵਨ): ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਸਬੰਧੀ ਗੇਟ ਰੈਲੀ ਕੀਤੀ ਗਈ। ਰੈਲੀ ਨੂੰ ਡਿੱਪੂ ਪ੍ਰਧਾਨ ਸੁਖਵਿੰਦਰ ਸਿੰਘ, ਵਿਜੇ ਕੁਮਾਰ, ਸੰਜੀਵ ਕੁਮਾਰ, ਗੁਰਪ੍ਰੀਤ ਸਿੰਘ ਗੋਪੀ, ਕੁਲਵਿੰਦਰ ਸਿੰਘ, ਜੋਗਿੰਦਰ ਪਾਲ ਲਵਲੀ, ਰਾਜ ਕੁਮਾਰ ਤੇ ਮੰਗਲਜੀਤ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 6 ਸਤੰਬਰ ਨੂੰ ਪੀਆਰਟੀਸੀ ਦੇ ਮੁੱਖ ਦਫਤਰ ਪਟਿਆਲਾ ਵਿਖੇ ਧਰਨਾ ਦਿੱਤਾ ਜਾਵੇਗਾ।
ਤਰਨ ਤਾਰਨ (ਗੁਰਬਖਸ਼ਪੁਰੀ): ਪੰਜਾਬ ਰੋਡਵੇਜ਼ ਦੇ ਠੇਕਾ ਅਧਾਰ ’ਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਇੱਥੇ ਰੋਡਵੇਜ ਡਿੱਪੂ ਦੀ ਵਰਕਸ਼ਾਪ ਦੇ ਸਾਹਮਣੇ ਗੇਟ ਰੈਲੀ ਕੀਤੀ ਗਈ। ਰੈਲੀ ਨੂੰ ਜਥੇਬੰਦੀ ਦੀ ਤਰਨ ਤਾਰਨ ਡਿਪੂ ਇਕਾਈ ਦੇ ਪ੍ਰਧਾਨ ਪ੍ਰਧਾਨ ਸਤਨਾਮ ਸਿੰਘ ਤੁੜ, ਸ਼ਮਸ਼ੇਰ ਸਿੰਘ, ਰਜਵੰਤ ਸਿੰਘ, ਅੰਮ੍ਰਿਤਪਾਲ ਸਿੰਘ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ|