ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਇਕੱਤਰਤਾ
ਸੰਯੁਕਤ ਕਿਸਾਨ ਮੋਰਚਾ ਪੰਜਾਬ ਨਾਲ ਸਬੰਧਤ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਇੱਥੋਂ ਦੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਮੀਟਿੰਗ ਕਰ ਕੇ ਸੂਬੇ ਅੰਦਰ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਵਿੱਚ ਸਰਕਾਰ ਦੇ ਨਾਕਾਮ ਰਹਿਣ ਦਾ ਦੋਸ਼ ਲਗਾਇਆ| ਤਰਸੇਮ ਸਿੰਘ ਲੁਹਾਰ ਦੀ ਪ੍ਰਧਾਨਗੀ ਹੇਠ ਕੀਤੀ ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਨਛੱਤਰ ਸਿੰਘ ਮੁਗਲਚੱਕ, ਬਲਕਾਰ ਸਿੰਘ ਵਲਟੋਹਾ, ਮੇਹਰ ਸਿੰਘ ਸਖੀਰਾ, ਦਲਜੀਤ ਸਿੰਘ ਦਿਆਲਪੁਰਾ, ਭੁਪਿੰਦਰ ਸਿੰਘ ਪੰਡੋਰੀ ਤਖਤਮਲ ਸਣੇ ਹੋਰਨਾਂ ਨੇ ਸੰਬੋਧਨ ਕੀਤਾ| ਆਗੂਆਂ ਨੇ ਇਨ੍ਹਾਂ ਹੜ੍ਹਾਂ ਲਈ ਪੂਰੀ ਤਰ੍ਹਾਂ ਨਾਲ ਸੂਬਾ ਸਰਕਾਰ ਨੂੰ ਕਸੂਰਵਾਰ ਆਖਿਆ ਅਤੇ ਕਿਹਾ ਕਿ ਸਰਕਾਰ ਨੇ ਸਮੇਂ ਸਿਰ ਦਰਿਆਵਾਂ, ਨਹਿਰਾਂ ਆਦਿ ਦੀ ਸਫ਼ਾਈ ਨਹੀਂ ਕੀਤੀ। ਇਸ ਕਰ ਕੇ ਕਿਸਾਨਾਂ ਨੂੰ ਇਸ ਸਥਿਤੀ ਦਾ ਸਾਹਮਣਾ ਕਰਨਾ ਪਿਆ ਹੈ| ਆਗੂਆਂ ਪ੍ਰਭਾਵਿਤ ਕਿਸਾਨਾਂ ਤੇ ਹੋਰ ਲੋਕਾਂ ਨੂੰ ਬਿਨਾਂ ਦੇਰੀ ਦੇ ਮੁਆਵਜ਼ਾ ਦੇਣ ਦੀ ਮੰਗ ਕੀਤੀ| ਆਗੂਆਂ ਕਿਹਾ ਕਿ ਆਉਂਦੇ ਦਿਨਾਂ ਦੌਰਾਨ ਮੋਰਚੇ ਵੱਲੋਂ ਹੜ੍ਹ ਪ੍ਰਭਾਵਿਤ ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ, ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਵਿੱਚ ਕੈਂਪ ਲਗਾਏ ਜਾਣਗੇ ਅਤੇ ਕਣਕ ਦੀ ਬਿਜਾਈ ਤੱਕ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਦੀ ਮਦਦ ਜਾਰੀ ਰੱਖੀ ਜਾਵੇਗੀ|