ਗੁਰਬਖਸ਼ਪੁਰੀ
ਤਰਨ ਤਾਰਨ, 6 ਦਸੰਬਰ
ਮਹਾਨ ਦੇਸ਼ ਭਗਤ ਬਾਬਾ ਵਸਾਖਾ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਦਦੇਹਰ ਸਾਹਿਬ ਦੇ ਗੁਰਦੁਆਰੇ ਵਿੱਚ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ। ਇਸ ਦੌਰਾਨ ਕਵੀਸ਼ਰਾਂ ਨੇ ਗ਼ਦਰੀ ਬਾਬਿਆਂ ਦੀਆਂ ਵਾਰਾਂ ਗਾ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਵੱਖ ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਗ਼ਦਰੀ ਸੂਰਬੀਰ ਬਾਬਾ ਵਸਾਖਾ ਸਿੰਘ, ਬਾਬਾ ਬਿਸ਼ਨ ਸਿੰਘ ਪਹਿਲਵਾਨ, ਭਾਈ ਹਜ਼ਾਰਾ ਸਿੰਘ, ਭਾਈ ਬਿਸ਼ਨ ਸਿੰਘ, ਭਾਈ ਵਿਸਾਖਾ ਸਿੰਘ, ਸ਼ਹੀਦ ਸਾਧੂ ਸਿੰਘ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ।
ਇਸ ਦੌਰਾਨ ਸੀਪੀਆਈ ਦੇ ਸੂਬਾ ਆਗੂ ਪ੍ਰਿਥੀਪਾਲ ਸਿੰਘ ਮਾੜੀਮੇਘਾ ਆਦਿ ਨੇ ਸ਼ਹੀਦਾਂ ਦੇ ਸੁਫ਼ਨਿਆਂ ਦਾ ਸਮਾਜ ਸਿਰਜਨ ਲਈ ਉਨ੍ਹਾਂ ਦੇ ਪਾਏ ਪੂਰਨਿਆਂ ’ਤੇ ਚੱਲਣ ’ਤੇ ਜ਼ੋਰ ਦਿੱਤਾ| ਬੁਲਾਰਿਆਂ ਸਮਾਜ ਦੇ ਸਾਰੇ ਵਰਗਾਂ ਨੂੰ ਕਿਸਾਨੀ ਅੰਦੋਲਨ ਨੂੰ ਹਮਾਇਤ ਦੇਣ ਲਈ ਅਪੀਲ ਕੀਤੀ।