ਸਰਕਾਰ ਸਕੂਲਾਂ ’ਚ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ: ਈਟੀਓ
ਸਿਮਰਤਪਾਲ ਬੇਦੀ
ਜੰਡਿਆਲਾ ਗੁਰੂ, 3 ਜੁਲਾਈ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਆਪਣੇ ਹਲਕੇ ਜੰਡਿਆਲਾ ਗੁਰੂ ਵਿੱਚ ਤਿੰਨ ਸਕੂਲਾਂ ਵਿੱਚ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਆਰੰਭੇ ਜਾ ਰਹੇ ਹਨ।
ਲੋਕ ਨਿਰਮਾਣ ਮੰਤਰੀ ਵੱਲੋਂ ਜੰਡਿਆਲਾ ਗੁਰੂ ਦੇ ਸਰਕਾਰੀ ਐਲੀਮੈਂਟਰੀ ਸਕੂਲ ਲੜਕੇ, ਬਲਾਕ ਜੰਡਿਆਲਾ ਗੁਰੂ ਦੀ ਮੁਰੰਮਤ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਦੱਸਿਆ ਇਸ ਸਕੂਲ ਵਿੱਚ ਕਲਾਸ ਰੂਮਾਂ ਤੇ ਵਾਸ਼ਰੂਮਾਂ ਦੀ ਮੁਰੰਮਤ ਤੋਂ ਇਲਾਵਾ ਇੰਟਰਲੌਕ ਟਾਈਲਾਂ ਦਾ ਕੰਮ ਵੀ ਕੀਤਾ ਜਾਵੇਗਾ ਜਿਸ ’ਤੇ 60.80 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਕੰਮ ਨੂੰ ਵੀ ਆਉਂਦੇ ਚਾਰ ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ। ਈਟੀਓ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਸਾਰੇ ਵਿਕਾਸ ਕਾਰਜ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਈਟੀਓ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਡਾਲਾ ਹਲਕਾ ਜੰਡਿਆਲਾ ਗੁਰੂ ਵਿੱਚ ਮਿਡ-ਡੇਅ ਮੀਲ ਸੈਡ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਦਿਆਂ ਦੱਸਿਆ ਕਿ ਇਸ ਸ਼ੈੱਡ ’ਤੇ 27.32 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਕੰਮ ਆਉਂਦੇ ਚਾਰ ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਉਪਰੰਤ ਸਰਕਾਰੀ ਐਲੀਮੈਂਟਰੀ ਸਕੂਲ ਅਮਰਕੋਟ ਦੀ ਰਿਪੇਅਰ ਦੇ ਕੰਮਾਂ ਦਾ ਉਦਘਾਟਨ ਕੀਤਾ। ਇਸ ਸਕੂਲ ਵਿੱਚ 2 ਨਵੇਂ ਕਲਾਸ ਰੂਮ, ਬਰਾਂਡੇ ਦੀ ਉਸਾਰੀ ਅਤੇ ਵਾਸ਼ਰੂਮਾਂ ਦੀ ਰਿਪੇਅਰ ਵੀ ਕੀਤੀ ਜਾਵੇਗੀ ਜਿਸ ’ਤੇ 27.76 ਲੱਖ ਰੁਪਏ ਖਰਚ ਹੋਣਗੇ।
ਉਨ੍ਹਾਂ ਕਿਹਾ ਕਿ ਸਕੂਲ ਬੱਚਿਆਂ ਦੇ ਭਵਿੱਖ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਸਕੂਲਾਂ ਨੂੰ ਬਿਹਤਰ ਬਣਾਉਣਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ ਤਾਂ ਜੋ ਇੱਥੇ ਪੜ੍ਹਨ ਆਉਣ ਵਾਲੇ ਬੱਚੇ ਸੋਹਣੇ ਮਾਹੌਲ ਵਿੱਚ ਚੰਗੀ ਵਿੱਦਿਆ ਹਾਸਿਲ ਕਰਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਇਮਾਰਤਾਂ ਦੇ ਨਾਲ ਨਾਲ ਬਿਹਤਰ ਸਟਾਫ ਵੀ ਭਰਤੀ ਕੀਤਾ ਗਿਆ ਹੈ ਤਾਂ ਜੋ ਸਾਡੇ ਬੱਚੇ ਚੰਗੇ ਨਾਗਰਿਕ ਬਣ ਸਕਣ। ਉਨ੍ਹਾਂ ਇਸ ਮੌਕੇ ਪਿੰਡ ਦੇ ਮੋਹਤਬਰਾਂ, ਸਰਪੰਚਾਂ, ਅਹੁਦੇਦਾਰਾਂ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਸਿੱਖਿਆ ਉੱਤੇ ਵੱਧ ਤੋਂ ਵੱਧ ਧਿਆਨ ਦੇਣ ਲਈ ਅਪੀਲ ਕੀਤੀ।