ਹੜ੍ਹਾਂ ਤੋਂ ਬਾਅਦ ਦੀ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਤਿਆਰ: ਅਰੋੜਾ
ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਸਿਵਲ ਹਸਪਤਾਲ ਪਠਾਨਕੋਟ ਦਾ ਦੌਰਾ ਕੀਤਾ ਅਤੇ ਵੱਖ-ਵੱਖ ਵਾਰਡਾਂ ਅੰਦਰ ਦਾਖਲ ਮਰੀਜ਼ਾਂ ਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਸਮੀਖਿਆ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਾਲ ਹੀ ਵਿੱਚ ਜ਼ਿਲ੍ਹਾ ਪਠਾਨਕੋਟ ਦਾ ਕਾਫੀ ਖੇਤਰ ਹੜ੍ਹਾਂ ਦੀ ਮਾਰ ਹੇਠ ਆਇਆ, ਜਿੱਥੇ ਹੁਣ ਤੱਕ ਇਨ੍ਹਾਂ ਖੇਤਰਾਂ ਅੰਦਰ ਰਾਹਤ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਜਿਉਂ- ਜਿਉਂ ਪਾਣੀ ਉਤਰੇਗਾ ਤਾਂ ਬਿਮਾਰੀਆਂ ਫੈਲਣ ਦਾ ਵੀ ਖਤਰਾ ਵਧੇਗਾ। ਇਸ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਘਰ ਟੁੱਟ ਗਏ, ਪਸ਼ੂਆਂ ਦੀ ਮੌਤ ਹੋਈ, ਫਸਲਾਂ ਦਾ ਨੁਕਸਾਨ ਹੋਇਆ। ਇਸ ਨੁਕਸਾਨ ਦੀ ਭਰਪਾਈ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਸਥਿਤੀ 15-20 ਦਿਨਾਂ ਬਾਅਦ ਵਿੱਚ ਬਣੇਗੀ ਉਸ ਨੂੰ ਲੈ ਕੇ ਪਹਿਲਾਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮਾਝੇ ਦੇ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹਨ, ਨੂੰ ਪ੍ਰੇਸ਼ਾਨ ਹੋਣ ਦੀ ਲੋੜ ਨਹੀਂ ਅਤੇ ਪੰਜਾਬ ਦਾ ਸਾਰਾ ਪ੍ਰਸ਼ਾਸਨ ਉਨ੍ਹਾਂ ਦੀ ਸੇਵਾ ਵਿੱਚ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਹ ਸਵਾਗਤ ਕਰਦੇ ਹਨ। ਉਨ੍ਹਾਂ ਨੂੰ ਉਮੀਦ ਹੈ ਕਿ ਉਹ ਪੰਜਾਬ ਦਾ 60 ਹਜ਼ਾਰ ਕਰੋੜ ਰੁਪਏ ਦਾ ਬਣਦਾ ਬਕਾਇਆ ਦੇਣਗੇ। ਉਨ੍ਹਾਂ ਸਪੱਸ਼ਟ ਕਿਹਾ,‘ਅਸੀਂ ਆਪਣੇ ਹੱਕ ਦਾ ਪੈਸਾ ਕੇਂਦਰ ਸਰਕਾਰ ਤੋਂ ਮੰਗ ਕਰ ਰਹੇ ਹਾਂ, ਇਸ ਨੂੰ ਹੱਕ ਦੀ ਲੜਾਈ ਕਿਹਾ ਜਾ ਸਕਦਾ ਹੈ ਰਾਜਨੀਤੀ ਨਹੀਂ।’