ਪੱਤਰ ਪ੍ਰੇਰਕ
ਅਜਨਾਲਾ , 26 ਅਗਸਤ
ਇੱਥੇ ਅੱਜ ਨਗਰ ਪੰਚਾਇਤ ਅਜਨਾਲਾ ਦੇ ਦਫਤਰ ਵਿੱਚ ਕਰਵਾਏ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਅਜਨਾਲਾ ਦੇ 13 ਹੜ੍ਹ ਪੀੜਤਾਂ ਨੂੰ 12 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡੇ।
ਇਸ ਦੌਰਾਨ ਸੰਬੋਧਨ ਕਰਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ ਇਸ ਕੁਦਰਤੀ ਕਰੋਪੀ ਵਿੱਚ ਜੋ ਵੀ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਜੋ 12 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਗਈ ਹੈ ਉਸ ਵਿੱਚ ਨੌਂ ਘਰਾਂ ਅਤੇ ਤਿੰਨ ਸ਼ੈੱਡਾਂ ਦੇ ਹੋਏ ਨੁਕਸਾਨ ਤੋਂ ਇਲਾਵਾ ਤਿੰਨ ਦੁਧਾਰੂ ਪਸ਼ੂਆਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਐੱਸਡੀਐੱਮ ਅਤੇ ਮਾਲ ਅਧਿਕਾਰੀ ਇਕ ਹਫ਼ਤੇ ਦੇ ਅੰਦਰ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਿਯਮਾਂ ਮੁਤਾਬਕ ਮੁਆਵਜ਼ਾ ਰਾਸ਼ੀ ਟਰਾਂਸਫਰ ਕਰਵਾਉਣੀ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਹਰੇਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਵਿਅਕਤੀਗਤ ਤੌਰ ’ਤੇ ਸਮੁੱਚੇ ਕਾਰਜ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਪ੍ਰਭਾਵਿਤ ਵਿਅਕਤੀ ਮੁਆਵਜ਼ਾ ਹਾਸਲ ਕਰਨ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਐੱਸਡੀਐੱਮ ਅਰਵਿੰਦਰਪਾਲ ਸਿੰਘ, ਤਹਿਸੀਲਦਾਰ ਨਵਕੀਰਤ ਸਿੰਘ, ਗੁਰਜੰਟ ਸਿੰਘ ਸੋਹੀ, ਪ੍ਰਧਾਨ ਜਸਪਾਲ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀ ਹਾਜ਼ਰ ਸਨ।