ਦਲਬੀਰ ਸੱਖੋਵਾਲੀਆ
ਬਟਾਲਾ, 27 ਅਪਰੈਲ
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ‘ਆਪ’ ਦੇ ਉਮੀਦਵਾਰ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਿਧਾਨ ਸਭਾ ਹਲਕਾ ਬਟਾਲਾ ਦੇ ਵਰਕਰਾਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਉਨ੍ਹਾਂ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਨੁਹਾਰ ਬਦਲਣ ਲਈ ਕੋਈ ਕਸਰ ਨਹੀਂ ਛੱਡਣਗੇ। ਸ੍ਰੀ ਕਲਸੀ ਨੇ ਪਾਰਟੀ ਵਾਲੰਟੀਅਰਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਸਰਕਾਰ ਦੇ ਵਿਕਾਸ ਕਾਰਜ ਆਮ ਲੋਕਾਂ ਕੋਲ ਲੈ ਕੇ ਜਾਣ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਦੱਸਣ। ਉਨ੍ਹਾਂ ਦੱਸਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਲੋਕਾਂ ਲਈ ਭਲਾਈ ਯੋਜਨਾਵਾਂ ਸ਼ੁਰੂ ਕੀਤੀਆਂ ਜਿਨਾਂ ਦਾ ਲਾਭ ਸੂਬਾ ਦੇ ਬਾਸ਼ਿੰਦਿਆਂ ਨੂੰ ਮਿਲ ਰਿਹਾ ਹੈ। ਉਨ੍ਹਾਂ ਮਾਨ ਸਰਕਾਰ ਵੱਲੋਂ ਬਿਜਲੀ ਦੇ ਛੇ ਸੌ ਯੂਨਿਟ ਮੁਆਫ ਕਰਨ, ਪਹਿਲੇ ਦੋ ਸਾਲਾਂ ਦੌਰਾਨ 43 ਹਜ਼ਾਰ ਨੌਕਰੀਆਂ ਦੇਣ ਸਣੇ ਹੋਰ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅਜਿਹੀਆਂ ਪ੍ਰਾਪਤੀਆਂ ਸਦਕਾ ਹੀ ਹੋਰਨਾਂ ਪਾਰਟੀਆਂ ਦੇ ਲੀਡਰ ਤੇ ਆਮ ਵਰਕਰ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਬਣਨ ਤੋਂ ਬਾਅਦ ਉਨ੍ਹਾਂ ਵੱਲੋਂ ਬਟਾਲਾ ਦੇ ਵਿਕਾਸ ਲਈ ਕਰੋੜਾਂ ਰੁਪਏ ਫੰਡ ਲਿਆ ਕੇ ਵਿਕਾਸ ਕਰਵਾਏ ਹਨ। ਇਸ ਨਾਲ ਬਟਾਲਾ ਵਾਸੀਆਂ ਨੂੰ ਸਹੂਲਤਾਂ ਮਿਲੀਆਂ ਹਨ। ਸ੍ਰੀ ਕਲਸੀ ਨੇ ਕਿਹਾ ਕਿ ਜੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਲੋਕ ਮੌਕਾ ਦਿੰਦੇ ਹਨ ਤਾਂ ਉਹ ਗੁਰਦਾਸਪੁਰ ਅਤੇ ਪਠਾਨਕੋਟ ਦੋਵਾਂ ਜ਼ਿਲ੍ਹਿਆਂ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦੇਣਗੇ।