Gurdwara Demolition: ਪਾਕਿਸਤਾਨ ’ਚ ਗੁਰਦੁਆਰੇ ਦੀ ਇਮਾਰਤ ਢਾਹੁਣ ਖ਼ਿਲਾਫ਼ ਰੋਸ
ਭਾਜਪਾ ਆਗੂ ਛੀਨਾ ਵੱਲੋਂ ਨਿਰਪੱਖ ਜਾਂਚ ਤੇ ਕਾਰਵਾਈ ਦੀ ਮੰਗ
ਪਾਕਿਸਤਾਨ ਦੇ ਪੰਜਾਬ ਸੂਬੇ ਦੇ ਫਾਰੂਕਾਬਾਦ ਵਿੱਚ 125 ਸਾਲਾ ਪੁਰਾਣੇ ਗੁਰਦੁਆਰੇ ਨੂੰ ਢਾਹੇ ਜਾਣ ਦੀ ਘਟਨਾ ’ਤੇ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਤੇ ਨਿੰਦਣਯੋਗ ਕਾਰਵਾਈ ਹੈ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਸਰਕਾਰ ਘੱਟ ਗਿਣਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਸਬੰਧੀ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ। ਛੀਨਾ ਨੇ ਕਿਹਾ ਕਿ ਇਸ ਘਟਨਾ ਨੇ ਸੰਸਾਰ ਭਰ ਦੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਪੁਰਾਤਨ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਨਾ ਸਿਰਫ਼ ਇਤਿਹਾਸਕ ਵਿਰਾਸਤ ਦਾ ਨੁਕਸਾਨ ਹੈ, ਸਗੋਂ ਇਹ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁਚਾਉਣ ਵਾਲਾ ਕਦਮ ਵੀ ਹੈ।
ਉਨ੍ਹਾਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਭਾਜਪਾ ਆਗੂ ਨੇ ਪਾਕਿਸਤਾਨ ਸਰਕਾਰ ਨੂੰ ਇਤਿਹਾਸਕ ਗੁਰਦੁਆਰਿਆਂ ਸਮੇਤ ਸਮੂਹ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਛੀਨਾ ਨੇ ਕੌਮਾਂਤਰੀ ਸੰਸਥਾਵਾਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੂੰ ਵੀ ਮਾਮਲੇ ਦਾ ਗੰਭੀਰ ਨੋਟਿਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਸ਼ਵ ਦੀਆਂ ਇਤਿਹਾਸਕ ਅਤੇ ਧਾਰਮਿਕ ਵਿਰਾਸਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਸੀਚੇਵਾਲ ਵੱਲੋਂ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਪੱਤਰ
ਸੁਲਤਾਨਪੁਰ ਲੋਧੀ (ਪੱਤਰ ਪ੍ਰੇਰਕ): ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਪਾਕਿਸਤਾਨ ਵਿੱਚ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰੇ ਨੂੰ ਢਾਹੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸੀਚੇਵਾਲ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਉਹ ਪਾਕਿਸਤਾਨ ਵਿਚਲੇ ਆਪਣੇ ਹਮਰੁਤਬਾ ਨਾਲ ਗੱਲਬਾਤ ਕਰਕੇ 125 ਸਾਲ ਪੁਰਾਣੇ ਢਾਹੇ ਗਏ ਗੁਰਦੁਆਰੇ ਦੀ ਮੁੜ ਉਸਾਰੀ ਕਰਵਾਉਣ ਅਤੇ ਇਸ ਇਤਿਹਾਸਕ ਇਮਾਰਤ ਨੂੰ ਢਾਹੁਣ ਵਾਲੇ ਕਾਰੋਬਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਗੁਰੂ ਘਰ ਨੂੰ ਨੁਕਸਾਨ ਪਹੁੰਚਾਉਣ ਦੀ ਕੀਤੀ ਇਸ ਕੋਝੀ ਹਰਕਤ ਨਾਲ ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਨੂੰ ਠੇਸ ਪਹੁੰਚੀ ਹੈ।
ਅੰਮ੍ਰਿਤਸਰ ਵਿਕਾਸ ਮੰਚ ਨੇ ਵਿਦੇਸ਼ ਮੰਤਰੀ ਤੋਂ ਕਾਰਵਾਈ ਮੰਗੀ
ਅੰਮ੍ਰਿਤਸਰ (ਨਿੱਜੀ ਪੱਤਰ ਪ੍ਰੇਰਕ): ਅੰਮ੍ਰਿਤਸਰ ਵਿਕਾਸ ਮੰਚ ਨੇ ਪਾਕਿਸਤਾਨ ਦੇ ਜ਼ਿਲ੍ਹਾ ਸ਼ੇਖੂਪੁਰਾ ਦੇ ਸ਼ਹਿਰ ਫ਼ਾਰੂਕਾਬਾਦ ਵਿੱਚ ਵਿਰਾਸਤੀ ਗੁਰਦੁਆਰੇ ਦੀ ਇਮਾਰਤ ਢਾਹੁਣ ਦੇ ਮਾਮਲੇ ’ਚ ਭਾਰਤ ਦੇ ਵਿਦੇਸ਼ ਮੰਤਰੀ ਸੁਬਰਾਮਨੀਅਮ ਜੈਸ਼ੰਕਰ ਨੂੰ ਪੱਤਰ ਲਿਖ ਕੇ ਕਾਰਵਾਈ ਮੰਗੀ ਹੈ। ਪੱਤਰ ’ਚ ਜਥੇਬੰਦੀ ਦੇ ਆਗੂ ਕੁਲਵੰਤ ਸਿੰਘ ਅਣਖੀ ਨੇ ਆਖਿਆ ਕਿ ਗੁਰਦੁਆਰੇ ਨੂੰ ਕੁਝ ਕੱਟੜਪੰਥੀਆਂ ਵੱਲੋਂ ਢਾਹੁਣ ਦੀ ਮੰਦਭਾਗੀ ਅਤੇ ਬੇਅਦਬੀ ਵਾਲੀ ਘਟਨਾ ਕਾਰਨ ਸਿੱਖਾਂ ਅਤੇ ਖ਼ਾਸ ਕਰਕੇ ਭਾਰਤ ਦੇ ਸਰਹੱਦੀ ਸੂਬੇ ਪੰਜਾਬ ਵਿੱਚ ਭਾਰੀ ਰੋਸ। ਉਨ੍ਹਾਂ ਅਪੀਲ ਕੀਤੀ ਹੈ ਕਿ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਸਰਕਾਰ ਦੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰ ਕੇ ਇਸ ਕੋਝੀ ਹਰਕਤ ਲਈ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਕਰਵਾ ਕੇ ਸਜ਼ਾ ਦਿਵਾਈ ਜਾਵੇ। ਇਸ ਤੋਂ ਇਲਾਵਾ ਪਾਕਿਸਤਾਨ ਸਰਕਾਰ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਦਬਾਅ ਬਣਾ ਕੇ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਕਰਵਾਈ ਜਾਵੇ।
