ਖਾਲਸਾ ਕਾਲਜ ’ਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ
ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਗੁਰੂ ਗ੍ਰੰਥ ਸਾਹਿਬ ਦਾ 421ਵਾਂ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ. ਰੋਡ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ।
ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ ਨੇ ਨੌਜਵਾਨਾਂ ਨੂੰ ਜ਼ਿੰਦਗੀ ਦੀ ਸਹੀ ਦਿਸ਼ਾ ਨੂੰ ਪਛਾਣਨ ਦਾ ਸੁਨੇਹਾ ਦਿੰਦਿਆਂ ਗੁਰੂ ਸਾਹਿਬਾਨਾਂ ਵੱਲੋਂ ਦਿਖਾਏ ਗਏ ਮਾਰਗ ਅਤੇ ਉਪਦੇਸ਼ਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਸਿੱਖ ਇਤਿਹਾਸ ਦੇ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਸਬੰਧੀ ਸੰਗਤ ਨੂੰ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨਾਂ ਵੱਲੋਂ ਦਿੱਤੇ ਗਏ ਉਪਦੇਸ਼ਾਂ ’ਤੇ ਚਾਨਣਾ ਪਾਇਆ। ਇਸ ਮੌਕੇ ਹੇਰ ਨੇ ਖਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਖਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ, ਕੌਂਸਲ ਦੇ ਜੁਆਇੰਟ ਸਕੱਤਰ ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਰਮਿੰਦਰ ਕੌਰ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਆਦਿ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।