ਦਲਬੀਰ ਸੱਖੋਵਾਲੀਆ
ਬਟਾਲਾ, 2 ਨਵੰਬਰ
ਬਟਾਲਾ ਤਹਿਸੀਲ ਦੇ ਪਿੰਡ ਪੈਰੋਸ਼ਾਹ ਦਾ ਅਗਾਂਹਵਧੂ ਕਿਸਾਨ ਹਰਦੇਵ ਸਿੰਘ ਪਿਛਲੇ ਤਿੰਨ ਸਾਲ ਤੋਂ ਫਸਲੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ ਫਸਲਾਂ ਦੀ ਬਿਜਾਈ ਕਰ ਰਿਹਾ ਹੈ। ਉਸ ਦੀ ਇਸ ਪਹਿਲਕਦਮੀ ਨੇ ਇਲਾਕੇ ਦੇ ਹੋਰ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਪ੍ਰੇਰਿਆ ਹੈ। ਕਿਸਾਨ ਨੇ ਦੱਸਿਆ ਕਿ ਇਸ ਸਾਲ ਵੀ ਉਸ ਨੇ ਪਰਾਲੀ ਦੀਆਂ ਗੱਠਾਂ ਬਣਾ ਕੇ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਦੀ ਸੰਭਾਲ ਕੀਤੀ ਹੈ। ਕਿਸਾਨ ਨੇ ਆਪਣੇ ਕਿਸਾਨ ਸਾਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਪਛਾਣਦਿਆਂ ਉਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨਾ ਨਹੀਂ ਚਾਹੀਦਾ ਤੇ ਆਧੁਨਿਕ ਤਰੀਕੇ ਨਾਲ ਖੇਤੀ ਕਰਨੀ ਚਾਹੀਦੀ ਹੈ ਤੇ ਦਿਨੋਂ ਦਿਨ ਹੋ ਰਹੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਕਿਸਾਨ ਹਰਦੇਵ ਸਿੰਘ ਵੱਲ ਦੇਖ ਕੇ ਉਸ ਦੇ ਪਿੰਡ ਪੈਰੋਸ਼ਾਹ ਦੇ ਹੋਰ ਕਿਸਾਨਾਂ ਨੇ ਵੀ ਇਸ ਵਾਰ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਹੀਂ ਲਗਾਈ ਹੈ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਵੀ ਕੀਤਾ।