ਯੂਨਾਨ ਤੋਂ ਹਰਜਿੰਦਰ ਦੀ ਲਾਸ਼ ਭਾਰਤ ਪੁੱਜੀ
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਨੇੜਲੇ ਪਿੰਡ ਧੌਲ ਨਾਲ ਸਬੰਧਤ 48 ਸਾਲਾ ਹਰਜਿੰਦਰ ਸਿੰਘ ਦਾ ਮ੍ਰਿਤਕ ਸਰੀਰ ਅੱਜ ਗਰੀਸ (ਯੂਨਾਨ) ਤੋਂ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਾ। ਇਸ ਨੂੰ ਬਾਅਦ ਵਿਚ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ।
ਇਸ ਸਬੰਧੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਹਰਜਿੰਦਰ ਪਿਛਲੇ ਲਗਪਗ 20 ਸਾਲਾਂ ਤੋਂ ਯੂਨਾਨ ਵਿੱਚ ਮਿਹਨਤ ਕਰ ਰਿਹਾ ਸੀ। ਪੀੜਤ ਪਰਿਵਾਰ ਨੇ ਦੱਸਿਆ ਕਿ ਬੀਤੀ 14 ਜੁਲਾਈ ਨੂੰ ਉੱਥੇ ਸੜਕ ਹਾਦਸੇ ਕਾਰਨ ਹਰਜਿੰਦਰ ਸਿੰਘ ਦੀ ਮੌਤ ਹੋ ਗਈ ਸੀ। ਅੱਜ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜਤ ਪਰਿਵਾਰ ਦੀ ਹਾਜ਼ਰੀ ’ਚ ਟਰੱਸਟ ਦੇ ਨੁਮਾਇੰਦੇ ਰਾਜਬੀਰ ਸਿੰਘ ਵੱਲੋਂ ਪ੍ਰਾਪਤ ਕਰ ਕੇ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।
ਇਸ ਦੌਰਾਨ ਮ੍ਰਿਤਕ ਦੇ ਚਚੇਰੇ ਭਰਾ ਹਰਨੇਕ ਸਿੰਘ, ਨਛੱਤਰ ਸਿੰਘ ਅਤੇ ਕਾਲਾ ਸਿੰਘ ਆਦਿ ਨੇ ਡਾ. ਓਬਰਾਏ ਦਾ ਧੰਨਵਾਦ ਕੀਤਾ।