ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ : The Tribune India

ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ

ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ

ਪਿੰਡ ਭੋਜਰਾਜ ਵਿੱਚ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ ਪਤਵੰਤੇ।

ਸੁੱਚਾ ਸਿੰਘ ਪਸਨਾਵਾਲ

ਧਾਰੀਵਾਲ, 4 ਦਸੰਬਰ

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸੁਖਦੇਵ ਸਿੰਘ ਭੋਜਰਾਜ ਦੇ ਘਰ ਪਿੰਡ ਭੋਜਰਾਜ ਵਿੱਚ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਖਾਸਾਂਵਾਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਦੌਰਾਨ ਅਜੀਤ ਸਿੰਘ ਗਵਾਰਾ ਦੀ ਅਗਵਾਈ ਹੇਠ ਪਹੁੰਚੇ ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਮੀਟਿੰਗ ’ਚ ਸੂਬਾ ਜਨਰਲ ਸਕੱਤਰ ਕੰਵਲਜੀਤ ਸਿੰਘ ਖੁਸ਼ਹਾਲਪੁਰ, ਰਾਜਿੰਦਰ ਸਿੰਘ ਭਗਠਾਣਾ ਤੁਲੀਆਂ, ਸੁਖਵਿੰਦਰ ਸਿੰਘ ਕਾਦੀਆਂ ਅਤੇ ਸਤਨਾਮ ਸਿੰਘ ਚੰਦੂ ਨੰਗਲ ਸੂਬਾ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਸ਼ਹੀਦ ਪਰਿਵਾਰਾਂ ਵਿੱਚ ਜਤਿੰਦਰ ਸਿੰਘ ਭਰੋਹਾਰਨੀ, ਸੁਖਦੀਪ ਸਿੰਘ ਫਤਿਹ ਨੰਗਲ, ਹਰਜੀਤ ਸਿੰਘ ਪੱਬਾਂਰਾਲੀ ਕਲਾਂ, ਗੁਰਪ੍ਰੀਤ ਸਿੰਘ ਕਾਲਾ ਨੰਗਲ, ਗੁਰਤਾਜ ਸਿੰਘ ਮੱਧਰਾ, ਜਸਕਰਨਪ੍ਰੀਤ ਸਿੰਘ ਭਿਖਾਰੀਵਾਲ, ਕੁਲਬੀਰ ਸਿੰਘ ਬਾਂਗੋਵਾਣੀ, ਰਣਬੀਰ ਸਿੰਘ ਲੱਧਾ ਮੁੰਡਾ, ਅੰਮ੍ਰਿਤਜੋਤ ਸਿੰਘ ਗਵਾਰਾ ਅਤੇ ਸੁਖਦੀਪ ਕੌਰ ਵਡਾਲਾ ਬਾਂਗਰ ਦਾ ਜਥੇਬੰਦੀ ਵੱਲੋਂ ਸਨਮਾਨ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਵਾਰਿਸਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਵੱਡੇ ਪੱਧਰ ’ਤੇ ਉਪਰਾਲੇ ਕਰ ਰਿਹਾ ਹੈ ਪਰ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਪ੍ਰਤੀ ਸੁਹਿਰਦ ਨਹੀਂ ਹੈ। ਭੋਜਰਾਜ ਨੇ ਦੱਸਿਆ ਕਰੀਬ ਇਕ ਹਜ਼ਾਰ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਵਿੱਚੋਂ ਮਹਿਜ਼ 634 ਪਰਿਵਾਰਾਂ ਨੂੰ ਹੀ ਮੁਆਵਜ਼ਾ ਮਿਲਿਆ ਅਤੇ ਸਿਰਫ਼ 326 ਪਰਿਵਾਰਾਂ ਨੂੰ ਸਰਕਾਰੀ ਨੌਕਰੀ ਮਿਲੀ ਹੈ।

ਸੂਬਾ ਜਨਰਲ ਸਕੱਤਰ ਕੰਵਲਜੀਤ ਸਿੰਘ ਖੁਸ਼ਹਾਲਪੁਰ ਨੇ ਕਿਹਾ 24 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਫਰੀਦਕੋਟ ਵਿੱਚ ਹੋਈ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਸੀ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ਰਹਿੰਦੇ ਪਰਿਵਾਰਾਂ ਨੂੰ ਜੇਕਰ 31 ਦਸੰਬਰ ਤੱਕ ਮੁਆਵਜਾ ਰਾਸ਼ੀ ਅਤੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਨਾ ਪੱਤਰ ਦਿੱਤੇ ਗਏ ਤਾਂ ਮੁੱਖ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All