ਗੁਰਦਾਸਪੁਰ (ਨਿੱਜੀ ਪੱਤਰ ਪ੍ਰੇਰਕ): ਅੰਮ੍ਰਿਤਸਰ ਦੇ ਇੱਕ ਪਿੰਡ ਵਿੱਚ ਟਿਫ਼ਨ ਬੰਬ ਮਿਲਣ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਨੂੰ ’ਚ ਰੈੱਡ ਅਲਰਟ ਜਾਰੀ ਕੀਤਾ ਗਿਆ। ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਉਸ ਸਟੇਡੀਅਮ ਦੇ ਚੱਪੇ-ਚੱਪੇ ਦੀ ਜਾਂਚ ਕੀਤੀ ਗਈ ਜਿਸ ਜਗ੍ਹਾ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਕੀਤਾ ਜਾਣਾ ਹੈ। ਡੀਐੱਸਪੀ ਸੁਮੀਰ ਸਿੰਘ ਮਾਨ ਨੇ ਦੱਸਿਆ ਕਿ ਸਵੇਰ ਤੋਂ ਹੀ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਚੈਕਿੰਗ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਬੱਸ ਸਟੈਂਡ ਗੁਰਦਾਸਪੁਰ, ਰੇਲਵੇ ਸਟੇਸ਼ਨ, ਸਮਾਰੋਹ ਸਥਾਨ ਸਮੇਤ ਕਈ ਥਾਵਾਂ ’ਤੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮ ਵੱਲੋਂ ਬੱਸਾਂ ਅਤੇ ਰੇਲ ਗੱਡੀਆਂ ਦੀ ਡਾਗ ਸਕੁਐਡ ਦੀ ਮਦਦ ਜਾਂਚ ਕੀਤੀ ਗਈ। ਪੁਲੀਸ ਵੱਲੋਂ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ 25 ਟੀਮਾਂ ਦਾ ਗਠਨ ਕੀਤਾ ਗਿਆ ਹੈ। ਐੱਸਐੱਸਪੀ ਗੁਰਦਾਸਪੁਰ ਡਾ. ਨਾਨਕ ਸਿੰਘ ਨੇ ਦੱਸਿਆ ਕਿ ਜਿਸ ਤਰੀਕੇ ਨਾਲ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਡਰੋਨ ਰਾਹੀਂ ਟਿਫ਼ਨ ਬੰਬ ਸੁੱਟੇ ਗਏ ਹਨ, ਇਸ ਕਾਰਨ ਗੁਰਦਾਸਪੁਰ ਜ਼ਿਲ੍ਹੇ ਦੀ ਸਰਹੱਦ ’ਤੇ ਬੀਐੱਸਐੱਫ ਦੇ ਨਾਲ ਚੈਕਿੰਗ ਅਪ੍ਰੇਸ਼ਨ ਵੀ ਸ਼ੁਰੂ ਕਰ ਦਿੱਤਾ ਹੈ।