ਮਨਮੋਹਨ ਸਿੰਘ
ਅੰਮ੍ਰਿਤਸਰ, 3 ਨਵੰਬਰ
ਕਿਸਾਨ ਮਜ਼ਦੂਰ ਕਮੇਟੀ ਨੇ ਇਥੇ ਜਾਗਰੂਕਤਾ ਮਾਰਚ ਕਰਕੇ ਦੀਵਾਲੀ ਅਤੇ ਬੰਦੀ ਛੋੜ ਦਿਹਾੜੇ ਮੌਕੇ ਭਾਰਤ ਨੂੰ ਕਾਰਪੋਰੇਟ ਘਰਾਣਿਆਂ ਤੋਂ ਮੁਕਤ ਕਰਵਾਉਣ ਦਾ ਸੁਨੇਹਾ ਦਿੱਤਾ ਅਤੇ ਇਸ ਦਿਹਾੜੇ ਨੂੰ ਦਿੱਲੀ ਅੰਦੋਲਨ ਦੇ ਸ਼ਹੀਦਾਂ ਨੂੰ ਸਮਰਪਿਤ ਕਰਨ ਦੀ ਅਪੀਲ ਕੀਤੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਬੱਸ ਯੂਨੀਅਨਾਂ ਵੱਲੋਂ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਦੀ ਅਗਵਾਈ ਹੇਠ ਅੰਮ੍ਰਿਤਸਰ ਬੱਸ ਅੱਡੇ ’ਤੇ ਮਾਰਚ ਕਰਕੇ ਦੇਸ਼ ਭਰ ਦੇ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਨੂੰ ਸਾਦਗੀ ਨਾਲ ਅਤੇ ਕਿਸਾਨੀ ਅੰਦੋਲਨ ਨੂੰ ਸਮਰਪਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ।
ਮਾਰਚ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਨੇ ਹੱਥਾਂ ਵਿੱਚ ਤਖਤੀਆਂ ਫੜੀਆਂ ਹੋਈਆਂ ਸਨ ਜਿਨ੍ਹਾਂ ’ਤੇ ਖੇਤੀ ਕਾਨੂੰਨ ਰੱਦ ਕਰਾਉਣ, ਜਿਣਸਾਂ ਦੀ ਸਰਕਾਰੀ ਖਰੀਦ ਲਈ ਐੱਮਐੱਸਪੀ ਦਾ ਕਾਨੂੰਨ ਬਣਾਉਣ, ਲਖੀਮਪੁਰ ਖੀਰੀ ਘਟਨਾ ਦੇ ਮੁਲਜ਼ਮ ਅਜੇ ਮਿਸ਼ਰਾ ਖ਼ਿਲਾਫ਼ ਠੋਸ ਕਾਰਵਾਈ ਅਤੇ ਮੋਮਬੱਤੀ ਜਾਂ ਦੀਵਾ ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਜਗਾਉਣ ਲਈ ਕਿਹਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕਈ ਸੂਬਿਆਂ ਵਿੱਚ ਜ਼ਿਮਨੀ ਚੋਣਾਂ ਵਿੱਚ ਭਾਜਪਾ ਦੀ ਹਾਰ ਉਸ ਦੀਆਂ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਕਰਕੇ ਹੋਈ ਹੈ। ਭਾਜਪਾ ਦੀ ਇਹ ਹਾਰ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੇ ਕਾਲੇ ਕਾਨੂੰਨਾਂ ਖਿਲਾਫ਼ ਫਤਵਾ ਹੈ। ਆਗੂਆਂ ਨੇ ਕਿਹਾ ਕਿ ਭਾਜਪਾ ਨੂੰ ਇਸ ਹਾਰ ਤੋਂ ਸਬਕ ਲੈ ਕੇ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ ਨਹੀਂ ਤਾਂ ਲੋਕ ਦੇਸ਼ ਭਰ ਵਿੱਚੋਂ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ। ਕਿਸਾਨ ਮਜ਼ਦੂਰ ਕਮੇਟੀ ਨੇ ਕਿਹਾ ਕਿ ਅੱਜ ਦੇ ਮਾਰਚ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਜਿਸ ਵਿੱਚ ਬੱਸ ਯੂਨੀਅਨਾਂ ਅਤੇ ਲੋਕਲ ਜਥੇਬੰਦੀਆਂ ਨੇ ਵੀ ਹਾਜ਼ਰੀ ਭਰੀ।
ਚੰਨੀ ਸਰਕਾਰ ਨੂੰ ਪਲਾਟ ਦੇਣ ਦਾ ਵਾਅਦਾ ਨਿਭਾਉਣ ਦੀ ਅਪੀਲ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਪੇਂਡੂ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਨੇ ਪੰਜਾਬ ਦੇ ਬੇਜ਼ਮੀਨੇ ਮਜ਼ਦੂਰਾਂ ਨੂੰ ਸੱਦਾ ਦਿੱਤਾ ਹੈ ਕਿ ਦੀਵਾਲੀ ਮੌਕੇ ਪਿੰਡਾਂ ਅਤੇ ਮੁਹੱਲਿਆਂ ਦੀਆਂ ਸਾਂਝੀਆਂ ਥਾਵਾਂ ਸਣੇ ਚੌਕਾਂ ਉੱਤੇ ਦੀਵੇ ਬਾਲ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੁੱਛਿਆ ਜਾਵੇ ਕਿ ਜੋ ਉਨ੍ਹਾਂ ਨੇ ਪੰਜ ਮਰਲੇ ਦੇ ਪਲਾਟ ਦੇਣ ਦਾ ਐਲਾਨ ਕੀਤਾ ਹੈ, ਉਹ ਪਲਾਟ ਕਿੱਥੇ ਹਨ? ਇਸ ਮੌਕੇ ਯੂਨੀਅਨ ਨੇ ਚੰਨੀ ਸਰਕਾਰ ਦੇ ਬੇਜ਼ਮੀਨਿਆਂ, ਦਲਿਤ ਮਜ਼ਦੂਰਾਂ ਵਿਰੋਧੀ ਵਤੀਰੇ ਦੇ ਖ਼ਿਲਾਫ਼ ਅਤੇ ਰਿਹਾਇਸ਼ੀ ਪਲਾਟਾਂ, ਤੀਜਾ ਹਿੱਸਾ ਪੰਚਾਇਤੀ ਜ਼ਮੀਨਾਂ ’ਚੋਂ ਬਣਦੇ ਹੱਕ ਦੀ ਪ੍ਰਾਪਤੀ, ਸਮੁੱਚੇ ਸਹਿਕਾਰੀ, ਸਰਕਾਰੀ ਤੇ ਗੈਰ-ਸਰਕਾਰੀ ਕਰਜ਼ਾ ਮੁਆਫੀ, ਬਿਨਾਂ ਸ਼ਰਤ ਘਰੇਲੂ ਬਿਜਲੀ ਮੁਆਫੀ ਤੇ ਕੱਟੇ ਕੁਨੈਕਸ਼ਨ ਚਾਲੂ ਕਰਵਾਉਣ, ਸਮਾਜਿਕ ਜਬਰ ਬੰਦ ਕਰਨ ਅਤੇ ਨੀਲੇ ਕਾਰਡ ਬਹਾਲ ਕਰਵਾਉਣ ਤੇ ਲੋੜਵੰਦ ਪਰਿਵਾਰਾਂ ਦੇ ਕਾਰਡ ਬਣਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ।