ਨਸ਼ੀਲੇ ਪਦਾਰਥਾਂ ਦੀ ਵਰਤੋਂ ਦੀ ਇਜਾਜ਼ਤ ਦੇਣ ਦੇ ਦੋਸ਼ ਹੇਠ ਹੋਟਲ ਮਾਲਕ ਗ੍ਰਿਫ਼ਤਾਰ
ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਪੁਲੀਸ ਨੇ ਇੱਕ ਹੋਟਲ ਮਾਲਕ ਨੂੰ ਨਸ਼ੀਲੇ ਪਦਾਰਥਾਂ ਦੀ ਹੋਟਲ ’ਚ ਵਰਤੋਂ ਕਰਨ ਦੀ ਇਜਾਜ਼ਤ ਦੇਣ ਅਤੇ ਉਨ੍ਹਾਂ ਦਾ ਸੇਵਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਹੋਟਲ ਹਰਿਮੰਦਰ ਸਾਹਿਬ ਦੇ ਨੇੜੇ ਸਥਿਤ ਹੈ।
ਇੱਕ ਹੋਟਲ ਦੇ ਕਮਰੇ ਵਿੱਚ ਦੋ ਔਰਤਾਂ ਸਣੇ ਕਈ ਨੌਜਵਾਨਾਂ ਦੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲੀਸ ਨੇ ਸਿਮਰਨਜੀਤ ਸਿੰਘ ਵਜੋਂ ਪਛਾਣੇ ਗਏ ਮੁਲਜ਼ਮ ਜੋ ਹੋਟਲ ਮਾਲਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲੀਸ ਦੇ ਸਹਾਇਕ ਕਮਿਸ਼ਨਰ (ਏਸੀਪੀ) ਡਾ. ਸ਼ੀਤਲ ਸਿੰਘ ਨੇ ਕਿਹਾ ਕਿ ਸਿਮਰਨਜੀਤ ਸਿੰਘ ’ਤੇ ਐੱਨਡੀਪੀਐੱਸ ਐਕਟ ਦੀ ਧਾਰਾ-27 ਤਹਿਤ ਬੀ ਡਿਵੀਜ਼ਨ ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਹੈ ਜਦੋਂਕਿ ਵੀਡੀਓ ਵਿੱਚ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਵਾਲੀਆਂ ਦੋ ਔਰਤਾਂ ਸਣੇ ਹੋਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।
ਏਸੀਪੀ ਨੇ ਕਿਹਾ ਕਿ ਜਿਵੇਂ ਹੀ ਵੀਡੀਓ ਪੁਲੀਸ ਦੇ ਧਿਆਨ ਵਿੱਚ ਆਈ, ਪੁਲੀਸ ਤੁਰੰਤ ਹਰਕਤ ਵਿੱਚ ਆਈ। ਪੁਲੀਸ ਨੇ ਇਸ ਸਬੰਧ ਵਿਚ ਸਿਮਰਨਜੀਤ ਸਿੰਘ ਨੂੰ ਕਾਬੂ ਕੀਤਾ। ਉਸ ਨੇ ਦੱਸਿਆ ਕਿ ਇਹ ਨਸ਼ੀਲੇ ਪਦਾਰਥ ਰਾਜਬੀਰ ਸਿੰਘ ਅਤੇ ਉਸ ਦੀ ਮਾਂ ਦੋਵੇਂ ਵਾਸੀ ਊਧਮ ਸਿੰਘ ਨਗਰ ਵੱਲੋਂ ਸਪਲਾਈ ਕੀਤੇ ਗਏ ਸਨ।
ਪੁਲੀਸ ਅਧਿਕਾਰੀ ਨੇ ਕਿਹਾ ਕਿ ਹੋਟਲ ਦੇ ਕਮਰੇ ਵਿੱਚ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਵਾਲੇ ਬਾਕੀ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਦੋਵਾਂ ਔਰਤਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।