ਤੇਜਿੰਦਰ ਸਿੰਘ ਖਾਲਸਾ
ਚੋਹਲਾ ਸਾਹਿਬ, 20 ਨਵੰਬਰ
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਹਲਕਾ ਖਡੂਰ ਸਾਹਿਬ ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਘੜਕਾ ਵਿੱਚ ਸੁਖਦੇਵ ਸਿੰਘ ਜਵੰਦਾ ਦੀ ਪ੍ਰਧਾਨਗੀ ਹੇਠ ਅਸ਼ਿਵਨੀ ਕੁਮਾਰ, ਗਗਨਪ੍ਰੀਤ ਸਿੰਘ ਅਤੇ ਰਘਬੀਰ ਸਿੰਘ ਦੀ ਅਗਵਾਈ ਵਿੱਚ ਵਿਸ਼ਾਲ ਕਾਨਫਰੰਸ ਕੀਤੀ ਗਈ। ਇਸ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਜਿੱਤ ਲੋਕਾਂ ਦੇ ਇਕੱਠ ਦੀ ਜਿੱਤ ਹੈ। ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾਈ ਸਕੱਤਰ ਧਰਮਿੰਦਰ ਸਿੰਘ ਮੁਕੇਰੀਆਂ ਅਤੇ ਸੁਲੱਖਣ ਸਿੰਘ ਤੁੜ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਪਬਲਿਕ ਦੇ ਅਦਾਰਿਆਂ ਦਾ ਨਿੱਜੀਕਰਨ ਕਰਕੇ ਪੱਕੇ ਰੁਜ਼ਗਾਰ ਦੇ ਵਸੀਲੇ ਬੰਦ ਕਰ ਦਿੱਤੇ ਹਨ। ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਡੋਬ ਕੇ ਰੱਖ ਦਿੱਤੀ ਹੈ ਪਰ ਕਿਸਾਨ ਦਿੱਲੀ ਮੋਰਚੇ ਵਿੱਚ ਨੌਜਵਾਨਾਂ ਨੇ ਕਿਸਾਨੀ ਸੰਘਰਸ਼ ਵਿਚ ਯੋਗਦਾਨ ਪਾ ਕੇ ਆਪਣੇ ’ਤੇ ਲੱਗਾ ਦਾਗ਼ ਧੋ ਦਿੱਤਾ ਹੈ। ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਆਗੂ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਅੱਠ ਘੰਟੇ ਤੋਂ ਬਾਰਾਂ ਘੰਟੇ ਦੀਆਂ ਤਜਵੀਜ਼ਾਂ ਪਾਸ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਕਿਸਾਨ ਆਗੂ ਮੁਖਤਾਰ ਸਿੰਘ ਮੱਲਾ, ਰੇਸ਼ਮ ਸਿੰਘ ਫੈਲੋਕੇ, ਸੁਰਿੰਦਰ ਸਿੰਘ ਖੱਬੇ , ਮੰਗਲ ਸਿੰਘ ਜਵੰਦਾ, ਮਨਜੀਤ ਸਿੰਘ ਸਕਿਆਂਵਾਲੀ’, ਸੁਖਦੇਵ ਸਿੰਘ ਜਵੰਦਾ, ਦਾਰਾ ਸਿੰਘ ਮੁੰਡਾ ਪਿੰਡ ਆਦਿ ਆਗੂਆਂ ਨੇ ਵੀ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ।