Illegal de-addiction centre: ਭਿੱਖੀਵਿੰਡ ਵਿੱਚ ਗ਼ੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰ ਸੀਲ
ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੀ ਸਾਂਝੀ ਕਾਰਵਾਈ; ਬਿਨਾਂ ਰਜਿਸਟ੍ਰੇਸ਼ਨ ਤੋਂ ਚੱਲ ਰਹੇ ਸੈਂਟਰ ਵਿੱਚੋਂ ਮਿਲੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲ ਭੇਜਿਆ ਗਿਆ
ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਦੀ ਸਾਂਝੀ ਟੀਮ ਨੇ ਭਿੱਖੀਵਿੰਡ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਨਸ਼ਾ ਮੁਕਤੀ ਕੇਂਦਰ ’ਤੇ ਛਾਪਾ ਮਾਰ ਕੇ ਉਸ ਨੂੰ ਬੰਦ ਕਰਵਾ ਦਿੱਤਾ। ਇਹ ਕਾਰਵਾਈ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਸਿੰਧੂ ਅਤੇ ਸਿਵਲ ਸਰਜਨ ਤਰਨ ਤਾਰਨ ਡਾ. ਸੰਦੀਪ ਧਵਨ ਦੇ ਨਿਰਦੇਸ਼ਾਂ ਤਹਿਤ ਕੀਤੀ ਗਈ। ਇਸ ਸਬੰਧੀ ਬਣਾਈ ਵਿਸ਼ੇਸ਼ ਜਾਂਚ ਟੀਮ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ, ਐੱਸ.ਡੀ.ਐੱਮ. ਭਿੱਖੀਵਿੰਡ ਜਗਦੀਪ ਸਿੰਘ, ਡੀ.ਐੱਸ.ਪੀ. ਭਿੱਖੀਵਿੰਡ ਅਤੁਲ ਸੋਨੀ, ਡਾ. ਪਵਨਦੀਪ (ਨੋਡਲ ਅਫ਼ਸਰ ਡੀ-ਐਡਿਕਸ਼ਨ ਸੈਂਟਰ), ਕਾਊਂਸਲਰ ਪਰਮਿੰਦਰ ਸਿੰਘ ਅਤੇ ਸਰਬਜੀਤ ਸਿੰਘ ਸ਼ਾਮਲ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਭਿੱਖੀਵਿੰਡ ਜਗਦੀਪ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਨਸ਼ਾ ਮੁਕਤੀ ਕੇਂਦਰ ਬਿਨਾਂ ਲੋੜੀਂਦੀ ਮਨਜ਼ੂਰੀ ਅਤੇ ਰਜਿਸਟ੍ਰੇਸ਼ਨ ਤੋਂ ਚਲਾਇਆ ਜਾ ਰਿਹਾ ਸੀ ਅਤੇ ਇੱਥੇ ਯੋਗਤਾ ਪ੍ਰਾਪਤ ਸਟਾਫ਼ ਵੀ ਮੌਜੂਦ ਨਹੀਂ ਸੀ। ਟੀਮ ਵੱਲੋਂ ਕੀਤੀ ਜਾਂਚ ਵਿੱਚ ਮਰੀਜ਼ਾਂ ਦੀ ਦੇਖਭਾਲ, ਇਲਾਜ, ਰਿਹਾਇਸ਼ ਅਤੇ ਸੁਰੱਖਿਆ ਸਬੰਧੀ ਬੁਨਿਆਦੀ ਮਾਪਦੰਡਾਂ ਦੀ ਵੀ ਉਲੰਘਣਾ ਪਾਈ ਗਈ।
ਕਾਰਵਾਈ ਦੌਰਾਨ ਕੇਂਦਰ ਵਿੱਚ 16 ਮਰੀਜ਼ ਮਿਲੇ, ਜਿਨ੍ਹਾਂ ਨੂੰ ਕਥਿਤ ਤੌਰ ’ਤੇ ਜ਼ਬਰਦਸਤੀ ਉੱਥੇ ਰੱਖਿਆ ਗਿਆ ਸੀ। ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਸਰਕਾਰੀ ਨਸ਼ਾ ਮੁਕਤੀ ਕੇਂਦਰ ਤਰਨ ਤਾਰਨ ਭੇਜ ਦਿੱਤਾ ਗਿਆ, ਜਿੱਥੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਦੇਖਭਾਲ ਅਤੇ ਇਲਾਜ ਮੁਹੱਈਆ ਕਰਵਾਇਆ ਜਾਵੇਗਾ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਕਤ ਕੇਂਦਰ ਨੂੰ ਤੁਰੰਤ ਬੰਦ ਕਰਵਾ ਕੇ ਸੀਲ ਕਰ ਦਿੱਤਾ ਗਿਆ ਹੈ। ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

