‘ਜਿਸ ਦਾ ਖੇਤ, ਉਸ ਦੀ ਰੇਤ’ ਦੇ ਓਹਲੇ ਨਾਜਾਇਜ਼ ਖਣਨ
ਤਾਰਾਗੜ੍ਹ ਪੁਲੀਸ ਸਟੇਸ਼ਨ ਦੇ ਇੰਚਾਰਜ ਅੰਗਰੇਜ਼ ਸਿੰਘ ਨੇ ਦੱਸਿਆ ਕਿ ਪੁਲੀਸ ਟੀਮ ਸਹਾਰਨਪੁਰ ਪਿੰਡ ਵਿੱਚ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਝ ਲੋਕ ‘ਜਿਸ ਦਾ ਖੇਤ, ਉਸ ਦੀ ਰੇਤ’ ਦੀ ਆੜ ਵਿੱਚ ਨਾਜਾਇਜ਼ ਮਾਈਨਿੰਗ ਕਰ ਕੇ ਰੇਤਾ ਚੋਰੀ ਕਰ ਰਹੇ ਹਨ। ਪੁਲੀਸ ਟੀਮ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਉਨ੍ਹਾਂ ਨੂੰ ਨਾਲ ਲੈ ਕੇ ਮੌਕੇ ਉੱਪਰ ਜਾ ਕੇ ਦੇਖਿਆ ਤਾਂ ਕੁਝ ਲੋਕ ਪੋਕਲੇਨ ਮਸ਼ੀਨਾਂ ਅਤੇ ਜੇਸੀਬੀ ਮਸ਼ੀਨਾਂ ਦੀ ਵਰਤੋਂ ਕਰਕੇ ਰਾਵੀ ਦਰਿਆ ਵਿੱਚੋਂ ਰੇਤਾ ਕੱਢ ਰਹੇ ਸਨ ਅਤੇ ਇਸ ਨੂੰ ਟਰੱਕਾਂ ਤੇ ਟਿੱਪਰਾਂ ’ਤੇ ਲੋਡ ਕਰ ਰਹੇ ਸਨ। ਪੁਲੀਸ ਨੂੰ ਦੇਖ ਕੇ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਵਿਅਕਤੀ ਆਪਣੀਆਂ ਪੋਕਲੇਨ ਮਸ਼ੀਨਾਂ, ਜੇਸੀਬੀ ਮਸ਼ੀਨਾਂ ਅਤੇ ਟਰੱਕ ਟਿੱਪਰਾਂ ਨੂੰ ਛੱਡ ਕੇ ਮੌਕੇ ਤੋਂ ਭੱਜ ਗਏ।
ਥਾਣਾ ਇੰਚਾਰਜ ਅੰਗਰੇਜ਼ ਸਿੰਘ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਮਸ਼ੀਨਰੀ ਜ਼ਬਤ ਕਰ ਲਈ ਗਈ ਹੈ। ਮੁਲਜ਼ਮ ਰੂਪ ਸਿੰਘ ਵਿਰੁੱਧ ਪਹਿਲਾਂ ਵੀ ਗੈਰ-ਕਾਨੂੰਨੀ ਮਾਈਨਿੰਗ ਦੇ ਦੋ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
