ਪੱਤਰ ਪ੍ਰੇਰਕ
ਰਈਆ, 14 ਫਰਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ਼ ਬਹਾਦਰ ਸਾਹਿਬ ਦੀ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਚ ਮਹੀਨਾ ਭਰ ਚੱਲਣ ਵਾਲੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਆਰੰਭਤਾ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਗੀਰ ਕੌਰ ਨੇ ਕਿਹਾ ਕਿ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਧਾਰਮਿਕ ਸਮਾਗਮ ਵੱਡੇ ਪੱਧਰ ’ਤੇ ਮਨਾਏ ਜਾਣਗੇ। ਇਨ੍ਹਾਂ ਵਿਚ ਗੁਰਮਤਿ ਸਮਾਗਮ, ਨਗਰ ਕੀਰਤਨ, ਸੈਮੀਨਾਰ, ਪਾਠ ਬੋਧ ਸਮਾਗਮ, ਸਕੂਲਾਂ ਕਾਲਜਾਂ ਅੰਦਰ ਸਮਾਗਮ, ਗੁਰਮਤਿ ਮੁਕਾਬਲੇ, ਕਵੀ ਦਰਬਾਰ, ਨਾਟਕ ਆਦਿ ਵਿਸ਼ੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਸ਼ੁੱਧ ਉਚਾਰਨ ਅਤੇ ਧਰਮ ਪ੍ਰਤੀ ਦ੍ਰਿੜ੍ਹਤਾ ਪੈਦਾ ਕਰਨ ਲਈ ਵੱਖ-ਵੱਖ ਸਮਾਗਮਾਂ ਦੁਆਰਾ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਦੇ ਫ਼ਲਸਫ਼ੇ ਨੂੰ ਘਰ-ਘਰ ਤੱਕ ਪਹੁੰਚਾਏਗੀ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਵੀ ਸੰਬੋਧਨ ਕੀਤਾ। ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ ਸਮਾਗਮਾਂ ਲਈ ਬਣਾਈਆਂ ਸਬ-ਕਮੇਟੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮਗਰੋਂ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ 100 ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾਵੇਗੀ। ਇਸ ਸਬੰਧੀ ਮੁੱਖ ਸਮਾਗਮ 19 ਤੋਂ 21 ਫ਼ਰਵਰੀ ਤੱਕ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਧਰਪੁਰ ਵਿਖੇ ਹੋਣਗੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੌਰਾਨ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ, ਜਦਕਿ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥੇ ਸੰਗਤਾਂ ਨਾਲ ਗੁਰਬਾਣੀ ਕੀਰਤਨ ਤੇ ਗੁਰ-ਇਤਿਹਾਸ ਦੀ ਸਾਂਝ ਪਾਉਣਗੇ।