ਜਤਿੰਦਰ ਬੈਂਸ/ਕੇ.ਪੀ. ਸਿੰਘ
ਗੁਰਦਾਸਪੁਰ, 10 ਮਾਰਚ
ਪੰਜਾਬ ਵਿਧਾਨ ਸਭਾ ਚੋਣਾਂ ਦੇ ਅੱਜ ਆਏ ਨਤੀਜਿਆਂ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਸੱਤ ਵਿਧਾਨ ਸਭਾ ਹਲਕਿਆਂ ’ਚੋਂ ਪੰਜ ਸੀਟਾਂ ’ਤੇ ਕਾਂਗਰਸ ਜਦਕਿ ਦੋ ਸੀਟਾਂ ’ਤੇ ਆਮ ਆਦਮੀ ਪਾਰਟੀ ਜੇਤੂ ਰਹੀ। ਜ਼ਿਲ੍ਹਾ ’ਚ ‘ਆਪ’ ਨੇ ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਸੀਟ ਜਿੱਤੀ ਜਦਕਿ ਡੇਰਾ ਬਾਬਾ ਨਾਨਕ, ਫ਼ਤਹਿਗੜ੍ਹ ਚੂੜੀਆਂ, ਕਾਦੀਆਂ, ਗੁਰਦਾਸਪੁਰ ਅਤੇ ਦੀਨਾਨਗਰ ਤੋਂ ਕਾਂਗਰਸੀ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਬਟਾਲਾ ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਅਮਨ ਸ਼ੇਰ ਸਿੰਘ (ਸ਼ੈਰੀ ਕਲਸੀ) 28472 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ। ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ‘ਆਪ’ ਉਮੀਦਵਾਰ ਅਮਰਪਾਲ ਸਿੰਘ ਨੂੰ 16963 ਵੋਟਾਂ ਦੀ ਲੀਡ ਮਿਲੀ। ਦੀਨਾਨਗਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਰੁਨਾ ਚੌਧਰੀ 1131 ਵੋਟਾਂ ਦੇ ਫਰਕ ਨਾਲ ਜੇਤੂ ਰਹੇ।
ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਰਿੰਦਰਮੀਤ ਸਿੰਘ ਪਾਹੜਾ 7335 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ 5545 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਿਰਫ਼ 466 ਵੋਟਾਂ ਨਾਲ ਜੇਤੂ ਰਹੇ ਹਨ। ਕਾਦੀਆਂ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ 7174 ਵੋਟਾਂ ਦੇ ਫਰਕ ਨਾਲ ਜੇਤੂ ਰਹੇ।