ਗੁਰਬਖਸ਼ਪੁਰੀ
ਤਰਨ ਤਾਰਨ, 29 ਨਵੰਬਰ
ਕੌਮੀ ਸਿਹਤ ਮਿਸ਼ਨ (ਐੱਨਐੱਚਐੱਮ) ਦੇ ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੂਬਾ ਸਰਕਾਰ ਖ਼ਿਲਾਫ਼ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਹੈ| ਇਸ ਤਹਿਤ ਸੈਂਕੜੇ ਮੁਲਾਜ਼ਮਾਂ, ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਅੱਜ ਸਿਵਲ ਸਰਜਨ ਦੇ ਦਫਤਰ ਸਾਹਮਣੇ ਧਰਨਾ ਦਿੱਤਾ ਅਤੇ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਨਾਅਰੇਬਾਜ਼ੀ ਕੀਤੀ| ਜ਼ਿਲ੍ਹਾ ਕਨਵੀਨਰ ਲਵਲੀਨ ਕੌਰ ਦੀ ਅਗਵਾਈ ਵਿੱਚ ਸ਼ੁਰੂ ਕੀਤੇ ਇਸ ਸੰਘਰਸ਼ ਵਿੱਚ ਸ਼ਾਮਲ ਮੁਲਾਜ਼ਮਾਂ ਨੂੰ ਜਿਲ੍ਹਾ ਪ੍ਰਧਾਨ ਜਸਬੀਰ ਸਿੰਘ, ਮਨਦੀਪ ਸਿੰਘ ਸਰਹਾਲੀ, ਨੀਰੂ ਮੰਨਣ, ਕਵਲਜੀਤ ਸਿੰਘ, ਹਰਜੀਤ ਕੌਰ, ਸੰਦੀਪ ਕੈਰੋਂ, ਅਮਨਦੀਪ ਸਿੰਘ ਆਦਿ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਕਿਹਾ ਕਿ ਕਰੀਬ ਛੇ ਮਹੀਨੇ ਪਹਿਲਾਂ ਸੂਬਾ ਸਰਕਾਰ ਨੇ ਅੰਦੋਲਨ ਖਤਮ ਕਰਵਾਉਣ ਲਈ ਸੇਵਾਵਾਂ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਸੀ, ਜਿਹੜਾ ਅੱਜ ਤਕ ਵੀ ਪੂਰਾ ਨਹੀਂ ਹੋਇਆ| ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਸੇਵਾਵਾਂ ਰੈਗੂਲਰ ਹੋਣ ਤਕ ਸੰਘਰਸ਼ ਕਰਦੇ ਰਹਿਣਗੇ। ਮੁਲਾਜ਼ਮਾ ਦੀ ਹੜਤਾਲ ਕਾਰਨ ਸਿਹਤ ਵਿਭਾਗ ਦਾ ਕੰਮ ਪ੍ਰਭਾਵਿਤ ਰਿਹਾ।
ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ
ਪਠਾਨਕੋਟ (ਐੱਨ.ਪੀ ਧਵਨ): ਐੱਨਐੱਚਐੱਮ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਖ਼ਿਲਾਫ ‘ਹੱਲਾ-ਬੋਲ’ ਹੜਤਾਲ ਅੱਜ 14ਵੇਂ ਦਿਨ ਵੀ ਜਾਰੀ ਰਹੀ। ਇਸ ਦੌਰਾਨ ਯੂਨੀਅਨ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਅਤੇ ਨਾਅਰੇਬਾਜ਼ੀ ਕੀਤੀ। ਐੱਨਐੱਚਐੱਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੰਕਜ ਕੁਮਾਰ ਨੇ ਕਿਹਾ ਕਿ ਯੂਨੀਅਨ ਨੇ 30 ਨਵੰਬਰ ਨੂੰ ਖਰੜ ਵਿੱਚ ਹੋ ਰਹੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਸ ਦਾ ਖਮਿਆਜ਼ਾਂ ਉਨ੍ਹਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਇਸ ਮੌਕੇ ਪੰਕਜ ਕੁਮਾਰ, ਅਮਨਦੀਪ ਸਿੰਘ, ਡਾ. ਵਿਮੁਕਤ ਸ਼ਰਮਾ, ਮਨਵਿੰਦਰ ਸਿੰਘ, ਅਨੂਰਾਧਾ, ਯੁਧਵੀਰ ਸਿੰਘ, ਡਾ. ਰਾਜਨ, ਚੰਦਰ ਮਹਾਜਨ, ਪ੍ਰਗਟ ਸਿੰਘ, ਪ੍ਰਵੇਸ਼ ਕੁਮਾਰੀ, ਪੂਜਾ ਤੇ ਹੋਰ ਹਾਜ਼ਰ ਸਨ।