ਹਰਪ੍ਰੀਤ ਕੌਰ
ਹੁਸ਼ਿਆਰਪੁਰ, 8 ਅਗਸਤ
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ 15 ਅਗਸਤ ਨੂੰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ, ਜੋ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੀਲ ਦਾ ਪੱਥਰ ਸਾਬਤ ਹੋਣਗੇ। ਉਨ੍ਹਾਂ ਇਹ ਜਾਣਕਾਰੀ ਅੱਜ ਫਾਇਰ ਬ੍ਰਿਗੇਡ ਦਫ਼ਤਰ ਵਿੱਚ ਬਣ ਰਹੇ ਆਮ ਆਦਮੀ ਕਲੀਨਿਕ ਦਾ ਜਾਇਜ਼ਾ ਲੈਣ ਦੌਰਾਨ ਦਿੱਤੀ। ਜਿੰਪਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ 15 ਅਗਸਤ ਨੂੰ 7 ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ, ਜਿੱਥੇ ਲੋਕਾਂ ਨੂੰ ਆਪਣੇ ਘਰਾਂ ਦੇ ਨਜ਼ਦੀਕ ਹੀ ਸਿਹਤ ਸੁਵਿਧਾਵਾਂ ਆਸਾਨੀ ਨਾਲ ਉਪਲੱਭਧ ਹੋ ਸਕਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕਾਂ ਵਿੱਚ ਬੁਨਿਆਦੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ, ਤਾਂ ਜੋ ਕਿਸੇ ਵਿਅਕਤੀ ਨੂੰ ਵੀ ਸਿਹਤ ਸੇਵਾਵਾਂ ਲਈ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਕੈਬਨਿਟ ਮੰਤਰੀ ਨੇ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ 15 ਅਗਸਤ ਨੂੰ ਜਨਤਾ ਨੂੰ ਸਮਰਪਿਤ ਕਰਨ ਤੋਂ ਬਾਅਦ ਇੱਥੇ ਬੁਨਿਆਦੀ ਸਿਹਤ ਸੁਵਿਧਾਵਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਲੀ ਦੀ ਤਰਜ਼ ’ਤੇ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਸਬੰਧੀ ਇਹ ਇਕ ਅਗਾਂਹਵਧੂ ਕਦਮ ਪੁੱਟਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ੁਰੂਆਤੀ ਦੌਰ ’ਚ 7 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ, ਜਿਨ੍ਹਾਂ ਵਿੱਚ 4 ਹੁਸ਼ਿਆਰਪੁਰ ਸ਼ਹਿਰ ਵਿੱਚ ਖੁੱਲ੍ਹਣਗੇ।
ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਆਮ ਆਦਮੀ ਕਲੀਨਿਕ ਫਾਇਰ ਬ੍ਰਿਗੇਡ ਦਫ਼ਤਰ, ਨਲੋਈਆਂ ਚੌਕ, ਡਰੇਨੇਜ ਵਿਭਾਗ ਦੇ ਦਫ਼ਤਰ ਤੇ ਸਰਕਾਰੀ ਐਲੀਮੈਂਟਰੀ ਸਕੂਲ ਬਹਾਦਰਪੁਰ ਦੇ ਸਾਹਮਣੇ ਨਗਰ ਨਿਗਮ ਦੇ ਪਾਰਕ ਵਿੱਚ ਖੁੱਲ੍ਹਣਗੇ। ਇਸ ਤੋਂ ਇਲਾਵਾ ਹੋਰ ਤਿੰਨ ਆਮ ਆਦਮੀ ਕਲੀਨਿਕ ਅਹੀਆਪੁਰ (ਦਸੂਹਾ), ਬਲਾਕ ਬੁੱਢਾਬੜ੍ਹ ਦੇ ਸ਼ਰਕੋਵਾਲ ਤੇ ਕਲੋਤਾ (ਮੁਕੇਰੀਆਂ) ਵਿੱਚ ਖੁੱਲ੍ਹਣਗੇ।
ਸਿਵਲ ਸਰਜਨ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਓ.ਪੀ.ਡੀ. ਸੇਵਾਵਾਂ, ਮੁਫ਼ਤ ਲੈਬ ਟੈਸਟ ਤੇ ਮੁਫ਼ਤ ਦਵਾਈਆਂ ਆਦਿ ਸਿਹਤ ਸੁਵਿਧਾਵਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਦਾ ਸਮਾਂ ਗਰਮੀਆਂ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਅਤੇ ਸਰਦੀਆਂ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਨੀਲ ਅਹੀਰ ਵੀ ਮੌਜੂਦ ਸਨ।