ਪੱਤਰ ਪ੍ਰੇਰਕ
ਪਠਾਨਕੋਟ, 24 ਅਗਸਤ
ਅੱਜ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਿਜੇ ਦੱਤਾ ਨੇ ਪਠਾਨਕੋਟ ਦਾ ਦੌਰਾ ਕੀਤਾ। ਇਥੇ ਉਨ੍ਹਾਂ ਨੈਸ਼ਨਲ ਫੂਡ ਸਕਿਉਰਿਟੀ ਐਕਟ-2013 ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਜਨੀਸ਼ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸੁਮਨ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਜਸਵੰਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲਿਕਪੁਰ ਦਾ ਵੀ ਦੌਰਾ ਕੀਤਾ ਗਿਆ ਅਤੇ ਸਕੂਲ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇ ਮੀਲ ਦੇ ਖਾਣੇ ਦੀ ਵੀ ਚੈਕਿੰਗ ਕੀਤੀ ਗਈ। ਉਨ੍ਹਾਂ ਪ੍ਰੀ-ਪ੍ਰਾਇਮਰੀ ਅਤੇ ਆਂਗਣਵਾੜੀ ਸੈਂਟਰ ਦਾ ਦੌਰਾ ਵੀ ਕੀਤਾ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਸਕੂਲਾਂ ਅੰਦਰ ਬੱਚਿਆਂ ਦੇ ਲਈ ਬਣਾਏ ਜਾਣ ਵਾਲੇ ਮਿੱਡ-ਡੇੇਅ ਮੀਲ ਅਤੇ ਪੀਣ ਵਾਲੇ ਪਾਣੀ ਦੇ ਯੋਗ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਬੱਚਿਆਂ ਦੀ ਸਿਹਤ ਨੂੰ ਲੈ ਕੇ ਸਕੂਲਾਂ ਅੰਦਰ ਕੈਂਪ ਲਗਾ ਕੇ ਉਨ੍ਹਾਂ ਦੀ ਸਿਹਤ ਸਬੰਧੀ ਜਾਂਚ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਡਿਪੂਆਂ ਤੇ ਵੰਡੀ ਜਾਣ ਵਾਲੀ ਰਾਸ਼ਨ ਦੀ ਵੰਡ ਪ੍ਰਣਾਲੀ ਵੱਲ ਧਿਆਨ ਦੇਣ ਲਈ ਕਿਹਾ।