ਨਿੱਜੀ ਪੱਤਰ ਪ੍ਰੇਰਕ
ਬਟਾਲਾ, 8 ਜੂਨ
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇੱਥੇ ਸਾਰੇ ਬੀਡੀਪੀਓਜ਼ ਨਾਲ ਮੀਟਿੰਗ ਦੌਰਾਨ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਠੇਕੇ ’ਤੇ ਦਿੱਤੀ ਗਈ ਪੰਚਾਇਤੀ ਜ਼ਮੀਨ ਵਿੱਚ ਸੌ ਫ਼ੀਸਦੀ ਝੋਨੇ ਦੀ ਸਿੱਧੀ ਬਿਜਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਵੱਲੋਂ ਠੇਕੇ ’ਤੇ ਜ਼ਮੀਨ ਲੈਣ ਵਾਲੇ ਸਾਰੇ ਕਾਸ਼ਤਕਾਰਾਂ ਨੂੰ ਪੰਜਾਬ ਸਰਕਾਰ ਦੀਆਂ ਇਨ੍ਹਾਂ ਹਦਾਇਤਾਂ ਤੋਂ ਜਾਣੂ ਜ਼ਰੂਰ ਕਰਵਾ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 15 ਸੌ ਰੁਪਏ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਪੱਧਰ ਦਾ ਲਗਾਤਾਰ ਘੱਟਣਾ ਇੱਕ ਵੱਡਾ ਸੰਕਟ ਹੈ ਅਤੇ ਹਰ ਨਾਗਰਕਿ ਨੂੰ ਪਾਣੀ ਦੀ ਬਚਤ ਕਰਨ ’ਚ ਸਹਿਯੋਗ ਜ਼ਰੂਰ ਕਰਨਾ ਚਾਹੀਦਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਹਰ ਬਲਾਕ ਵਿੱਚ ਘੱਟੋ-ਘੱਟ 2000 ਏਕੜ ਝੋਨੇ ਦੀ ਸਿੱਧੀ ਬਿਜਾਈ ਜ਼ਰੂਰ ਕਰਵਾਈ ਜਾਵੇ। ਕਿਹਾ ਕਿ ਝੋਨੇ ਦੀ ਬਿਜਾਈ ਤੋਂ ਬਾਅਦ ਬਾਸਮਤੀ ਦੀ ਵੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ।