ਦਲਬੀਰ ਸੱਖੋਵਾਲੀਆ
ਬਟਾਲਾ, 8 ਅਗਸਤ
ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਬਟਾਲਾ ਸ਼ਹਿਰ ਵਿੱਚ ਵਿਆਹ ਪੁਰਬ ਦੀਆਂ ਤਿਆਰੀਆਂ ਵਿੱਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਸਖਤ ਤਾੜਨਾ ਕੀਤੀ ਹੈ ਕਿ ਉਹ ਜਾਂ ਤਾਂ ਵਿਆਹ ਪੁਰਬ ਤੋਂ ਪਹਿਲਾਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲੈਣ ਜਾਂ ਫਿਰ ਸਖਤ ਕਾਰਵਾਈ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਵਿਆਹ ਪੁਰਬ ਦੀਆਂ ਤਿਆਰੀਆਂ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਆਹ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਵਿਧਾਇਕ ਸ਼ੈਰੀ ਕਲਸੀ, ਨਗਰ ਨਿਗਮ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਤੇਜਾ, ਨਗਰ ਨਿਗਮ ਕਮਿਸ਼ਨਰ ਸ਼ਾਇਰੀ ਭੰਡਾਰੀ ਅਤੇ ਹੋਰ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਲੰਧਰ ਰੋਡ ਦੇ ਕੰਮ ਨੂੰ ਤੁਰੰਤ ਮੁਕੰਮਲ ਕਰਕੇ ਰੋਡ ਲੋਕ ਨਿਰਮਾਣ ਵਿਭਾਗ ਦੇ ਹਵਾਲੇ ਕਰਨ ਤਾਂ ਜੋ ਨਗਰ ਕੀਰਤਨ ਦੇ ਇਸ ਰਸਤੇ ਨੂੰ ਸਮਾਂ ਰਹਿੰਦਿਆਂ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਹੁਣ ਦਿਨ-ਰਾਤ ਕੰਮ ਵਿੱਚ ਲੱਗ ਜਾਣ ਅਤੇ ਜੰਗੀ ਪੱਧਰ ’ਤੇ ਆਪਣੇ ਹਿੱਸੇ ਦੇ ਕੰਮਾਂ ਨੂੰ ਮੁਕੰਮਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 20 ਅਗਸਤ ਤੱਕ ਸਾਰੇ ਸ਼ਹਿਰ ਦੇ ਰਸਤਿਆਂ ਦੀਆਂ ਲਾਈਟਾਂ ਬਿਲਕੁਲ ਠੀਕ ਹੋਣੀਆਂ ਚਾਹੀਦੀਆਂ ਹਨ।