ਐੱਨ.ਪੀ. ਧਵਨ
ਪਠਾਨਕੋਟ, 29 ਅਗਸਤ
ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਅੱਜ ਇਥੇ ਪੰਚਾਇਤ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵੱਖੋ-ਵੱਖਰੀਆਂ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਪਣੀ ਕਾਰਜਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਮ ਆਦਮੀ ਨੂੰ ਪੂਰਾ ਮਾਨ-ਸਨਮਾਨ ਮਿਲਣਾ ਚਾਹੀਦਾ ਹੈ ਅਤੇ ਸਰਕਾਰ ਵੱਲੋਂ ਲੋਕਾਂ ਲਈ ਜੋ ਵੀ ਜਨ ਕਲਿਆਣ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਦਾ ਲਾਭ ਲੋਕਾਂ ਨੂੰ ਮਿਲੇ, ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਬਲਰਾਜ ਸਿੰਘ, ਤਹਿਸੀਲਦਾਰ ਲਛਮਣ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਜਨੀਸ਼ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਜਲਦੀ ਹੀ ਉਨ੍ਹਾਂ ਵੱਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਦੇ ਸ਼ਾਦੀ ਸਮਾਗਮਾਂ ਲਈ ਕਮਿਊਨਿਟੀ ਹਾਲਾਂ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਪਿੰਡ ਨਾਜੋਚੱਕ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਹਾਲ ਤੋਂ ਕਰ ਦਿੱਤੀ ਗਈ ਹੈ ਤੇ ਇਸ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਇਲਾਵਾ ਇਸ ਜ਼ਿਲ੍ਹੇ ਦੇ ਸਭ ਤੋਂ ਪੱਛੜੇ ਤੇ ਸਰਹੱਦੀ ਖੇਤਰ ਵਿੱਚ ਬਸਾਊ ਬਾੜਵਾਂ ਅਤੇ ਖੋਜਕੀਚੱਕ ਪਿੰਡਾਂ ਅੰਦਰ ਦੋ ਸਥਾਨਾਂ ’ਤੇ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ।
ਕੈਬਨਿਟ ਮੰਤਰੀ ਨੇ ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੰਨ੍ਹਾਂ ਪਿੰਡਾਂ ਅੰਦਰ ਪ੍ਰਬੰਧਕ ਲੱਗੇ ਹੋਏ ਹਨ ਅਤੇ ਵਿਕਾਸ ਕਾਰਜ ਬੰਦ ਪਏ ਹੋਏ ਹਨ, ਉਨ੍ਹਾਂ ਪਿੰਡਾਂ ਅੰਦਰ ਪੰਚਾਇਤਾਂ ਨਾਲ ਗੱਲਬਾਤ ਕਰਕੇ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣ।