ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 24 ਅਗਸਤ
ਸਿਟੀਜ਼ਨ ਫੋਰਮ ਅੰਮ੍ਰਿਤਸਰ ਦੇ ਝੰਡੇ ਹੇਠ ਅੱਜ ਬੁੱਧੀਜੀਵੀ ਵਰਗ ਵਲੋਂ ਵਕੀਲ ਪ੍ਰਸ਼ਾਂਤ ਭੂਸ਼ਣ ਦੇ ਹੱਕ ਵਿਚ ਪ੍ਰਦਰਸ਼ਨ ਕੀਤਾ ਗਿਆ ਅਤੇ ਉਸ ਦੀ ਰਿਹਾਈ ਦੀ ਮੰਗ ਕੀਤੀ ਗਈ। ਇਸ ਮੌਕੇ ਕਰੋਨਾ ਕਾਰਨ ਪੁਲੀਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦਾ ਯਤਨ ਵੀ ਕੀਤਾ ਗਿਆ ਪਰ ਉਹ ਪ੍ਰਦਰਸ਼ਨ ਕਰਨ ਲਈ ਬਜ਼ਿੱਦ ਰਹੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਮਾਰਕੀਟ ’ਚ ਕੀਤੇ ਮੁਜ਼ਾਹਰੇ ਮੌਕੇ ਪ੍ਰਦਰਸ਼ਨਕਾਰੀਆਂ ਨੇ ਆਪਸੀ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਜਦੋਂ ਤੋਂ ਭਾਜਪਾ ਸੱਤਾ ਵਿਚ ਆਈ ਹੈ, ਉਸ ਵੇਲੇ ਤੋਂ ਹੀ ਫਾਸ਼ੀਵਾਦੀ ਏਜੰਡਾ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੁਪਰੀਮ ਕੋਰਟ ਵੀ ਕੇਂਦਰ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ। ਭਾਜਪਾ ਦੇਸ਼ ਨੂੰ ਹਿੰਦੂ ਰਾਜ ਐਲਾਨਣਾ ਚਾਹੁੰਦੀ ਹੈ ਅਤੇ ਇਸ ਦਾ ਵਿਰੋਧ ਕਰਨ ਵਾਲਿਆਂ ਨੂੰ ਰਾਸ਼ਟਰ ਵਿਰੋਧੀ ਅਤੇ ਦੇਸ਼ਧਰੋਹੀ ਐਲਾਨਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਵੱਖ ਵੱਖ ਸੰਵਿਧਾਨਕ ਸੰਸਥਾਵਾਂ ਦੇ ਮੁਖੀ ਵੀ ਹਿੰਦੂ ਜਮਾਤ ਆਰਐਸਐਸ ਦੇ ਕਾਰਕੁਨ ਲਾਏ ਜਾ ਰਹੇ ਹਨ। ਕਈ ਰਾਜਾਂ ਦੇ ਗਵਰਨਰ ਆਰਐਸਐਸ ਨਾਲ ਸਬੰਧਤ ਹਨ। ਬੁਲਾਰਿਆਂ ਨੇ ਆਖਿਆ ਕਿ ਵਰਵਰਾ ਰਾਓ, ਸੁਧਾ ਭਾਰਦਵਾਜ ਤੇ ਹੋਰ ਵਿਦਵਾਨਾਂ ਨੂੰ ਜੇਲ੍ਹ ਵਿਚ ਬੰਦ ਕੀਤਾ ਗਿਆ ਹੈ, ਇਨ੍ਹਾਂ ਦੀ ਫੌਰੀ ਰਿਹਾਈ ਕੀਤੀ ਜਾਵੇ।
ਉਨ੍ਹਾਂ ਸਮੂਹ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਮਹਾਮਾਰੀ ਦੌਰਾਨ ਭਾਜਪਾ ਦੀ ਫਾਸ਼ੀਵਾਦੀ ਤੇ ਸੰਵਿਧਾਨਕ ਸੰਸਥਾਵਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦਾ ਡਟਵਾਂ ਵਿਰੋਧ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਫ਼ਤਹਿਗੜ੍ਹ ਚੂੜੀਆਂ (ਪੱਤਰ ਪ੍ਰੇਰਕ) ਇੱਥੇ ਅੱਜ ਜਸਪਾਲ ਹੰਜਰਾਅ ਸਾਹਿਤਕ ਮੰਚ ਫ਼ਤਹਿਗੜ੍ਹ ਚੂੜੀਆਂ ਦੇ ਸਾਹਿਤਕਾਰ ਮੈਂਬਰਾਂ ਨੇ ਸੁਪਰੀਮ ਕੋਰਟ ਵੱਲੋਂ ਉੱਘੇ ਵਕੀਲ ਤੇ ਸਮਾਜਿਕ ਕਾਰਕੁਨ ਪ੍ਰਸ਼ਾਂਤ ਭੂਸ਼ਣ ਖ਼ਿਲਾਫ਼ ਦੋਸ਼ ਤੈਅ ਕਰਨ ਦੀ ਕਾਰਵਾਈ ਦਾ ਵਿਰੋਧ ਕੀਤਾ ਹੈ।
ਸਾਹਿਤਕ ਮੰਚ ਦੇ ਪ੍ਰਧਾਨ ਡਾ. ਸੁਖਵਿੰਦਰ ਸਿੰਘ, ਡਾ. ਸਰਵਣ ਸਿੰਘ ਪ੍ਰਦੇਸੀ, ਰਾਜਪਾਲ ਸਿੰਘ ਬਾਠ ਅਤੇ ਹਰਪਾਲ ਸਿੰਘ ਦਾ ਕਹਿਣਾ ਹੈ ਕਿ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਨਿਰਪੱਖ ਤੇ ਸੰਵਿਧਾਨਕ ਤਰੀਕੇ ਨਾਲ ਪ੍ਰਸ਼ਾਂਤ ਭੂਸ਼ਣ ਦੇ ਮਾਮਲੇ ਨੂੰ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਂਤ ਭੂਸ਼ਨ ਮਾਮਲੇ ਵਿੱਚ ਅਦਾਲਤੀ ਫੈਸਲੇ ਨੇ ਦੇਸ਼ ਦੇ ਹਰ ਇੱਕ ਨਾਗਰਿਕ ਦੇ ਵਿਚਾਰ ਪ੍ਰਗਟਾਉਣ ਦੀ ਸੰਵਿਧਾਨਕ ਆਜ਼ਾਦੀ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।