ਗੁਰਭੇਜ ਸਿੰਘ ਰਾਣਾ
ਸ੍ਰੀ ਹਰਗੋਬਿੰਦਪੁਰ, 24 ਮਈ
ਬੀਤੇ ਕੱਲ੍ਹ ਸ੍ਰੀ ਹਰਗੋਬਿੰਦਪੁਰ ਤੋਂ ਗੁਰਦਾਸਪੁਰ ਸੜਕ ’ਤੇ ਇੱਟਾਂ ਦੇ ਭੱਠੇ ’ਤੇ ਗੋਲੀ ਚੱਲਣ ਮਗਰੋਂ ਪੁਲੀਸ ਨੇ ਕਾਰਵਾਈ ਕਰਦਿਆਂ ਥਾਣਾ ਸ੍ਰੀ ਹਰਗੋਬਿੰਦਪੁਰ ਵਿੱਚ 10 ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਸਮੇਤ ਕਈ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਜਿਸ ਵਿੱਚ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਦਾ ਨਾਂ ਵੀ ਸ਼ਾਮਲ ਹੈ। ਕੇਸ ਦਰਜ ਹੋਣ ਮਗਰੋਂ ਇੱਕ ਧਿਰ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਤੇ ਉੱਥੇ ਹੀ ਦੂਜੀ ਧਿਰ ਵੱਲੋਂ ਆਪਣੇ ਨਾਲ ਹੋਈ ਬੇਇਨਸਾਫ਼ੀ ਦੀ ਗੱਲ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਾਵਾ ਹਰਜੀਤ ਭੱਲਾ, ਕੌਂਸਲਰ ਗੌਰਵ ਭੱਲਾ, ਸੰਦੀਪ ਭੱਲਾ ਵੱਲੋਂ ਆਪਣੇ ਸਮਰਥਕਾਂ ਨਾਲ ਥਾਣਾ ਮੁਖੀ ਬਲਜੀਤ ਕੌਰ ਨੂੰ ਮਿਲ ਕੇ ਆਪਣੀ ਜਾਨ ਦੇ ਖ਼ਤਰੇ ਦੀ ਗੱਲ ਕਰਦਿਆਂ ਪਰਚੇ ਵਿੱਚ ਸ਼ਾਮਿਲ ਵਿਅਕਤੀਆਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਇਸ ਸਬੰਧੀ ਥਾਣਾ ਮੁਖੀ ਬਲਜੀਤ ਕੌਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਗੋਲੀ ਚੱਲਣ ਵਾਲੇ ਮਾਮਲੇ ਵਿੱਚ ਨਵਦੀਪ ਸਿੰਘ, ਭਿੰਦਾ ਔਲਖ, ਸਚਿਨ ਕੁਮਾਰ ਕਾਲੀਆ, ਅੰਮ੍ਰਿਤਪਾਲ ਸਿੰਘ, ਜ਼ੋਰਾਵਰ ਸਿੰਘ ਸਮੇਤ 5 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਜਿਸ ਸਬੰਧੀ ਅਜੇ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ ਪਰ ਸਾਰੇ ਹਮਲਾਵਰਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਪਰਚਾ ਦਰਜ ਹੋਣ ਮਗਰੋਂ ਕਿਹਾ ਕਿ ਉਨ੍ਹਾਂ ਨਾਲ ਪੁਲੀਸ ਨੇ ਬੇਇਨਸਾਫ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਜਲਦਬਾਜ਼ੀ ਵਿੱਚ ਕਿਸੇ ਦਬਾਅ ਹੇਠ ਪਰਚਾ ਦਰਜ ਕੀਤਾ ਗਿਆ ਹੈ ਜੋ ਸ਼ਰ੍ਹੇਆਮ ਧੱਕਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਦੇ ਲੜਕੇ ਸੰਦੀਪ ਭੱਲਾ ਵੱਲੋਂ ਡਰਾਮਾ ਕੀਤਾ ਗਿਆ ਹੈ ਜਿਸ ਦਾ ਉਹ ਤੇ ਪੁਲੀਸ ਪ੍ਰਸ਼ਾਸਨ ਸ਼ਿਕਾਰ ਹੋਇਆ ਹੈ। ਹਲਕਾ ਵਿਧਾਇਕ ਤੇ ਪੁਲੀਸ ਪ੍ਰਸ਼ਾਸਨ ਤੋਂ ਉਨ੍ਹਾਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।